ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਸਿਆਸੀ ਅਖਾੜਾ ਭਖਿਆ

ਚੰਡੀਗੜ੍ਹ-ਪੰਜਾਬ ਵਿਚ ਅੱਜ ਨਗਰ ਨਿਗਮਾਂ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀ ਚੋਣ ਲਈ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਤੋਂ ਇੱਕ ਦਿਨ ਪਹਿਲਾਂ ਤੱਕ ਅੱਜ ਕੁੱਲ 170 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੀਰਵਾਰ ਨੂੰ ਆਖ਼ਰੀ ਦਿਨ ਹੈ, ਜਿਸ ਕਰਕੇ ਚਾਹਵਾਨਾਂ ਵਿਚ ਅੱਜ ਪੂਰਾ ਦਿਨ ਐੱਨਓਸੀ ਲੈਣ ਲਈ ਹਫ਼ੜਾ ਦਫ਼ੜੀ ਮੱਚੀ ਰਹੀ। ਹਾਲਾਂਕਿ ਚੋਣ ਕਮਿਸ਼ਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਐੱਨਓਸੀ ਦੀ ਕੋਈ ਲੋੜ ਨਹੀਂ ਪਰ ਰਿਟਰਨਿੰਗ ਅਫ਼ਸਰਾਂ ਨੇ ਅੱਜ ਉਮੀਦਵਾਰਾਂ ਨੂੰ ਐੱਨਓਸੀ ਲਈ ਆਖਿਆ। ਉਧਰ, ਵਿਰੋਧੀ ਧਿਰਾਂ ਨੇ ਅੱਜ ਰਾਜ ਚੋਣ ਕਮਿਸ਼ਨ ਤੱਕ ਪਹੁੰਚ ਕੀਤੀ ਹੈ। ਭਾਜਪਾ ਨੇ ਚੋਣ ਕਮਿਸ਼ਨ ਕੋਲ ਪੁਲੀਸ ਖ਼ਿਲਾਫ਼ ਸ਼ਿਕਾਇਤ ਕੀਤੀ ਹੈ, ਜਦੋਂਕਿ ਕਾਂਗਰਸ ਨੇ ਸਿਆਸੀ ਲੜਾਈ ਲੜਨ ਦਾ ਐਲਾਨ ਕੀਤਾ ਹੈ।

ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਅੱਜ ਸਥਾਨਕ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਲਈ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਤੋਂ ਇਲਾਵਾ ਜ਼ਿਮਨੀ ਚੋਣਾਂ ਸਣੇ 977 ਵਾਰਡਾਂ ਦੀ ਚੋਣ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ‘ਆਪ’ ਵੱਲੋਂ 175 ਵਾਰਡਾਂ ਲਈ ਉਮੀਦਵਾਰ ਫਾਈਨਲ ਕਰਨ ਲਈ ਹਾਲੇ ਸਿਆਸੀ ਮੰਥਨ ਚੱਲ ਰਿਹਾ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਨੇ ਦੱਸਿਆ ਕਿ 977 ਵਾਰਡਾਂ ਲਈ ਪੰਜ ਹਜ਼ਾਰ ਤੋਂ ਵੱਧ ਅਰਜ਼ੀਆਂ ਮਿਲੀਆਂ ਸਨ ਅਤੇ ਪ੍ਰਤੀ ਵਾਰਡ 15 ਤੋਂ 20 ਅਰਜ਼ੀਆਂ ਦੀ ਔਸਤਨ ਰਹੀ ਹੈ। 784 ਵਾਰਡਾਂ ਲਈ ਉਮੀਦਵਾਰ ਫਾਈਨਲ ਕਰ ਲਏ ਹਨ ਅਤੇ ਪਹਿਲੀ ਸੂਚੀ ਵਿੱਚ ਲੁਧਿਆਣਾ ਦੇ 94 ਵਾਰਡਾਂ, ਪਟਿਆਲਾ ਦੇ 56, ਫਗਵਾੜਾ ਦੇ 27 ਅਤੇ ਅੰਮ੍ਰਿਤਸਰ ਦੇ 74 ਵਾਰਡਾਂ ਲਈ ਉਮੀਦਵਾਰ ਐਲਾਨੇ ਗਏ ਹਨ।

ਉਨ੍ਹਾਂ ਦੱਸਿਆ ਕਿ ਬਾਕੀ ਵਾਰਡਾਂ ਲਈ ਉਮੀਦਵਾਰਾਂ ਦੀ ਸੂਚੀ ’ਤੇ ਅੰਤਿਮ ਝਾਤ ਚੱਲ ਰਹੀ ਹੈ। ਆਗੂਆਂ ਨੇ ਕਿਹਾ ਕਿ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਢਾਈ ਸਾਲਾਂ ਵਿਚ ਕੀਤੇ ਵਿਕਾਸ ਕੰਮਾਂ ਨੂੰ ਮੁੱਖ ਮੁੱਦੇ ’ਤੇ ਤੌਰ ’ਤੇ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ’ਆਪ’ ਨੇ ਉਮੀਦਵਾਰਾਂ ਦੀ ਚੋਣ ਲਈ ਜ਼ਮੀਨੀ ਪੱਧਰ ’ਤੇ ਪਹੁੰਚ ਅਪਣਾਈ ਹੈ।

ਇਨ੍ਹਾਂ ਚੋਣਾਂ ਦੀ ਪ੍ਰਕਿਰਿਆ ਦੌਰਾਨ ਦਲ ਬਦਲੀ ਦਾ ਦੌਰ ਵੀ ਤੇਜ਼ ਹੋ ਗਿਆ ਹੈ। ਅੱਜ ਹੰਡਿਆਇਆ ਕੌਂਸਲ ਦੇ ਦੋ ਵਾਰ ਕੌਂਸਲਰ ਅਤੇ ਭਾਜਪਾ ਦੇ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਰਹਿ ਚੁੱਕੇ ਗੁਰਮੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ‘ਆਪ’ ਵਿੱਚ ਸ਼ਮੂਲੀਅਤ ਕੀਤੀ ਹੈ। ਇਸੇ ਦੌਰਾਨ ਭਾਜਪਾ ਪੰਜਾਬ ਨੇ ਰਾਜ ਚੋਣ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਘਨੌਰ ਦੇ ਐੱਸਐੱਚਓ ਸਾਹਿਬ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸ ਥਾਣੇਦਾਰ ਵੱਲੋਂ ਭਾਜਪਾ ਉਮੀਦਵਾਰਾਂ ਜਿਵੇਂ ਗੌਤਮ ਸੂਦ ਨੂੰ ਚੋਣ ਨਾ ਲੜਨ ਲਈ ਧਮਕਾਇਆ ਗਿਆ ਹੈ। ਭਾਜਪਾ ਨੇ ਐੱਸਐੱਚਓ ਦੀ ਫ਼ੌਰੀ ਬਦਲੀ ਕਰਕੇ ਐਕਸ਼ਨ ਲੈਣ ਲਈ ਕਿਹਾ ਹੈ।

ਇਸੇ ਤਰ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਈਏਐੱਸ ਅਤੇ ਆਈਪੀਐੱਸ ਅਧਿਕਾਰੀ ਭਾਜਪਾ ਉਮੀਦਵਾਰਾਂ ਖ਼ਿਲਾਫ਼ ਸਿਆਸੀ ਦਬਾਅ ਹੇਠ ਐੱਨਓਸੀ ਦੇਣ ਵਿੱਚ ਦੇਰੀ ਕਰ ਰਹੇ ਹਨ। ਭਾਜਪਾ ਆਗੂ ਪ੍ਰਨੀਤ ਕੌਰ ਨੇ ਵੀ ਵੀਡੀਓ ਦਿਖਾਉਂਦਿਆਂ ਕਿਹਾ ਕਿ ਪਟਿਆਲਾ ਦੀ ‘ਆਪ’ ਸਰਕਾਰ ਵੱਲੋਂ ਭਾਜਪਾ ਉਮੀਦਵਾਰਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਸਰਕਾਰ ਇਨ੍ਹਾਂ ਚੋਣਾਂ ਵਿਚ ਮਰਿਆਦਾ ਤੋੜ ਰਹੀ ਹੈ ਅਤੇ ਰਿਟਰਨਿੰਗ ਅਫ਼ਸਰ ਐੱਨਓਸੀ ਲਈ ਕਾਂਗਰਸੀ ਉਮੀਦਵਾਰਾਂ ਨੂੰ ਆਖ ਰਹੇ ਹਨ। ਉਮੀਦਵਾਰਾਂ ਨੂੰ ਐੱਨਓਸੀ ਜਾਰੀ ਨਹੀਂ ਹੋ ਰਹੇ ਅਤੇ ਹਲਫ਼ੀਆ ਬਿਆਨ ਲਾਉਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਉਹ ਲੜਾਈ ਲੜਨਗੇ।

ਰਾਜ ਚੋਣ ਕਮਿਸ਼ਨ ਨੇ 22 ਆਈਏਐੱਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਇਨ੍ਹਾਂ ਵਿੱਚੋਂ ਪੰਜ ਅਧਿਕਾਰੀ 5 ਨਗਰ ਨਿਗਮਾਂ ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ। ਬਾਕੀ ਆਬਜ਼ਰਵਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਦੀ ਨਿਗਰਾਨੀ ਕਰਨਗੇ। ਇਨ੍ਹਾਂ ਆਬਜ਼ਰਵਰਾਂ ਨੂੰ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧਾਂ ਅਤੇ ਲੋੜੀਂਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ 12 ਦਸੰਬਰ ਨੂੰ ਸਵੇਰੇ 11 ਵਜੇ ਤੱਕ ਆਪਣੇ ਅਲਾਟ ਕੀਤੇ ਜ਼ਿਲ੍ਹਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।