ਐਮਰਜੈਂਸੀ ਦੇ 50 ਵਰ੍ਹੇ: ਕਾਂਗਰਸ ਸਰਕਾਰ ਨੇ ਲੋਕਤੰਤਰ ਨੂੰ ਬਣਾਇਆ ਸੀ ਬੰਦੀ: ਮੋਦੀ
ਨਵੀਂ ਦਿੱਲੀ-ਮੁਲਕ ’ਚ ਐਮਰਜੈਂਸੀ ਦੇ 50 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਹ ਦੇਸ਼ ਦੇ ਜਮਹੂਰੀ ਇਤਿਹਾਸ ਦੇ ‘ਕਾਲੇ ਪੰਨਿਆਂ’ ’ਚੋਂ ਇਕ ਹੈ। ਉਨ੍ਹਾਂ ਤਤਕਾਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਨੇ ਲੋਕਤੰਤਰ ਨੂੰ ਬੰਦੀ ਬਣਾ ਕੇ ਰੱਖ ਦਿੱਤਾ ਸੀ। ਭਾਜਪਾ ਅਤੇ ਉਸ ਦੀ ਅਹਿਮ ਭਾਈਵਾਲ ਜਨਤਾ ਦਲ (ਯੂ) ਦੇ ਸੀਨੀਅਰ ਆਗੂਆਂ ਨੇ ਐਮਰਜੈਂਸੀ ਦੇ ਮੁੱਦੇ ’ਤੇ ਕਾਂਗਰਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੋਦੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਜਿਸ ਢੰਗ ਨਾਲ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕੀਤੀ ਗਈ ਸੀ, ਉਸ ਨੂੰ ਕੋਈ ਵੀ ਭਾਰਤੀ ਨਹੀਂ ਭੁੱਲਾ ਸਕੇਗਾ।
ਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਐਮਰਜੈਂਸੀ ਵਿਰੁੱਧ ਇੱਕ ਮਤਾ ਪਾਸ ਕੀਤਾ ਗਿਆ ਅਤੇ ਅਣਗਿਣਤ ਵਿਅਕਤੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਅਹਿਦ ਲਿਆ ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭਾਵਨਾ ਨੂੰ ਖਤਮ ਕਰਨ ਦੀ ਕੋਸ਼ਿਸ਼ ਦਾ ਦਲੇਰੀ ਨਾਲ ਵਿਰੋਧ ਕੀਤਾ ਸੀ। ਮੰਤਰੀ ਮੰਡਲ ਨੇ ਸ਼ਰਧਾਂਜਲੀ ਵਜੋਂ ਦੋ ਮਿੰਟ ਦਾ ਮੌਨ ਵੀ ਰੱਖਿਆ।
ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਕਿਤਾਬ ‘ਦਿ ਐਮਰਜੈਂਸੀ ਡਾਇਰੀਜ਼-ਯੀਅਰਜ਼ ਦੈਟ ਫੌਰਜਡ ਏ ਲੀਡਰ’ ਵੀ ਰਿਲੀਜ਼ ਕੀਤੀ ਜਿਸ ’ਚ ਮੋਦੀ ਦੀ ‘ਲੋਕਤੰਤਰ ਦੇ ਆਦਰਸ਼ਾਂ’ ਲਈ ਜੰਗ ਨੂੰ ਉਜਾਗਰ ਕੀਤਾ ਗਿਆ ਹੈ। ਮੋਦੀ ਨੇ ‘ਐਕਸ’ ’ਤੇ ਕਿਹਾ ਕਿ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਲਾਂਭੇ ਕਰਨ ਦੇ ਨਾਲ ਨਾਲ ਮੌਲਿਕ ਅਧਿਕਾਰਾਂ ਦਾ ਘਾਣ ਅਤੇ ਪ੍ਰੈਸ ਦੀ ਆਜ਼ਾਦੀ ਖਤਮ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ, ਸਮਾਜ ਸੇਵਕਾਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਸੀ। ਐਮਰਜੈਂਸੀ ਵਿਰੁੱਧ ਜੰਗ ਵਿੱਚ ਡਟ ਕੇ ਖੜ੍ਹੇ ਹਰ ਵਿਅਕਤੀ ਨੂੰ ਸਲਾਮ ਕਰਦਿਆਂ ਮੋਦੀ ਨੇ ਕਿਹਾ ਕਿ ਇਹ ਸਾਰੇ ਭਾਰਤ, ਜੀਵਨ ਦੇ ਹਰ ਖੇਤਰ ਅਤੇ ਵੱਖੋ-ਵੱਖਰੀਆਂ ਵਿਚਾਰਧਾਰਾਵਾਂ ਦੇ ਲੋਕ ਸਨ ਜੋ ਜਮਹੂਰੀ ਢਾਂਚੇ ਦੀ ਰੱਖਿਆ ਦੇ ਉਦੇਸ਼ ਨਾਲ ਇੱਕ-ਦੂਜੇ ਨਾਲ ਨੇੜਿਓਂ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਇਹ ਉਨ੍ਹਾਂ ਦਾ ਸਮੂਹਿਕ ਸੰਘਰਸ਼ ਸੀ ਜਿਸ ਕਾਰਨ ਤਤਕਾਲੀ ਕਾਂਗਰਸ ਸਰਕਾਰ ਨੂੰ ਲੋਕਤੰਤਰ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਚੋਣਾਂ ਕਰਵਾਉਣੀਆਂ ਪਈਆਂ, ਜਿਸ ਵਿੱਚ ਉਹ ਬੁਰੀ ਤਰ੍ਹਾਂ ਹਾਰ ਗਏ ਸਨ।’’ ਸ਼ਾਹ ਨੇ ਕਿਹਾ ਕਿ ਐਮਰਜੈਂਸੀ ਦੀ ਕੋਈ ਲੋੜ ਨਹੀਂ ਸੀ ਅਤੇ ਇਹ ਸਿਰਫ਼ ਕਾਂਗਰਸ ਤੇ ਉਸ ਦੇ ਇਕ ਵਿਅਕਤੀ ਦੀ ਲੋਕਤੰਤਰ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਸੀ। ਉਨ੍ਹਾਂ ਦਾ ਇਸ਼ਾਰਾ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲ ਸੀ
ਐਮਰਜੈਂਸੀ ਦੌਰਾਨ ਤਸੀਹੇ ਝੱਲਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਾਹ ਨੇ ਕਿਹਾ ਕਿ ਇਹ ਦਿਨ ਸਾਰਿਆਂ ਨੂੰ ਯਾਦ ਦਿਵਾਉਂਦਾ ਹੈ ਕਿ ਜਦੋਂ ਸੱਤਾ ਵਿੱਚ ਬੈਠੇ ਲੋਕ ਤਾਨਾਸ਼ਾਹ ਬਣ ਜਾਂਦੇ ਹਨ ਤਾਂ ਲੋਕਾਂ ਕੋਲ ਉਨ੍ਹਾਂ ਨੂੰ ਉਖਾੜ ਸੁੱਟਣ ਦੀ ਸ਼ਕਤੀ ਹੁੰਦੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਐਮਰਜੈਂਸੀ ‘ਕਾਂਗਰਸ ਦੀ ਸੱਤਾ ਲਈ ਭੁੱਖ ਦਾ ਬੇਇਨਸਾਫ਼ੀ ਦਾ ਦੌਰ’ ਸੀ। ਸ਼ਾਹ ਨੇ ਇੱਕ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਐਮਰਜੈਂਸੀ ਦੀਆਂ ਯਾਦਾਂ ਜਿਊਂਦੀਆਂ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਕੋਈ ਵੀ ਦੇਸ਼ ਉੱਤੇ ਤਾਨਾਸ਼ਾਹੀ ਵਾਲੇ ਵਿਚਾਰ ਨਾ ਥੋਪ ਸਕੇ। ਉਧਰ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਆਗੂ ਨਿਤੀਸ਼ ਕੁਮਾਰ ਨੇ ਕਿਹਾ ਕਿ ਐਮਰਜੈਂਸੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੇ ‘ਤਾਨਾਸ਼ਾਹੀ ਰਵੱਈਏ ਦਾ ਪ੍ਰਤੀਕ’ ਸੀ ਅਤੇ ਇਹ ‘ਇਤਿਹਾਸ ਵਿੱਚ ਇੱਕ ਕਾਲੇ ਦਿਨ’ ਵਜੋਂ ਦਰਜ ਹੋ ਗਈ ਹੈ।
