ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੌਮੀ ਖੇਤੀ ਨੀਤੀ ਦੇ ਖਰੜੇ ਵਿਰੁੱਧ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਮੋਰਚੇ ਵੱਲੋਂ 24 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਫੁਰਮਾਨ ਸਿੰਘ ਸੰਧੂ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤਾ ਹੈ। ਕਿਸਾਨ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਾਰਡਰਾਂ ’ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕਰਨ ਦੀ ਥਾਂ ਤੁਰੰਤ ਗੱਲਬਾਤ ਸ਼ੁਰੂ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ’ਤੇ ਜਬਰ ਬੰਦ ਕਰੇ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਕਿਸਾਨ ਘੋਲ ਵੇਲੇ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਉਨ੍ਹਾਂ ਕਿਹਾ ਕਿ ਐੱਸਕੇਐੱਮ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਗੈਰ ਜ਼ਿੰਮੇਵਾਰੀ ਵਾਲੇ ਰਵੱਈਏ ਖ਼ਿਲਾਫ਼ 23 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਜਥੇਬੰਦੀਆਂ ਦੇ ਏਕੇ ਲਈ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਭੇਜੀ ਚਿੱਠੀ ਤੋਂ ਬਾਅਦ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ। ਐੱਸਕੇਐੱਮ ਦੇ ਆਗੂਆਂ ਨੇ ਕਿਹਾ ਕਿ 21 ਦਸੰਬਰ ਨੂੰ ਪਟਿਆਲਾ ਵਿਚ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਏਕੇ ਸਬੰਧੀ ਗੱਲਬਾਤ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਦੇਰ ਸ਼ਾਮ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦੇਵੇ ਅਤੇ ਹੋਰ ਕਿਸਾਨੀ ਮੰਗਾਂ ਨੂੰ ਮੰਨੇ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਖੇਤੀ ਮੰਡੀ ਨੀਤੀ ਦਾ ਪੰਜਾਬ ਸਰਕਾਰ ਨੂੰ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਤੋੜ-ਮਰੋੜ ਕੇ ਮੁੜ ਤੋਂ ਲਾਗੂ ਕਰਨ ਵੱਲ ਲੱਗੀ ਹੋਈ ਹੈ। ਇਸ ਲਈ ਸੂਬਾ ਸਰਕਾਰ ਆਪਣਾ ਪੱਖ ਸਪਸ਼ਟ ਕਰੇ।