ਰਾਕੇਸ਼ ਟਿਕੈਤ ਨੇ ਦਿੱਤਾ ‘ਬਟੋਗੇ ਤੋ ਲੁਟੋਗੇ’ ਦਾ ਨਾਅਰਾ

ਏਟਾ – ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ‘ਬਟੋਗੇ ਤੋ ਲੁਟੋਗੇ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜ਼ਮੀਨ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਵੇਚਣੀ ਚਾਹੀਦੀ। ਬਦਲਦੇ ਸਮੇਂ ‘ਚ ਕਿਸਾਨਾਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਸ ਯੁੱਗ ਵਿਚ ਗਿਆਨ ਤੋਂ ਬਿਨਾਂ ਕੁਝ ਵੀ ਨਹੀਂ ਹੈ। ਨਾਲ ਹੀ ਕਿਰਤ ਦਾਨ ਕਰ ਕੇ ਇਕ-ਦੂਸਰੇ ਦਾ ਸਹਿਯੋਗ ਕਰੋ।

ਕਿਸਾਨ ਆਗੂ ਸ਼ਨਿਚਰਵਾਰ ਨੂੰ ਮਰਹਾੜਾ ਰੋਡ ‘ਤੇ ਰਾਕੇਸ਼ ਯਾਦਵ ਦੇ ਫਾਰਮ ਹਾਊਸ ‘ਤੇ ਹੋਈ ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤਕ ਸਰਕਾਰਾਂ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਨਹੀਂ ਦਿੰਦੀਆਂ, ਉਦੋਂ ਤਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਲਾਭ ਨਹੀਂ ਮਿਲ ਸਕੇਗਾ। ਇਸ ਦੇ ਲਈ ਉਨ੍ਹਾਂ ਫਿਰ ਸਟੇਜ ਤੋਂ ਦੇਸ਼ਵਿਆਪੀ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ।

ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਸਵਾਮੀਨਾਥਨ ਨੂੰ ਭਾਰਤ ਰਤਨ ਮੰਨਦੀ ਹੈ, ਪਰ ਸਵਾਮੀਨਾਥਨ ਵੱਲੋਂ ਕਿਸਾਨਾਂ ਦੇ ਹਿੱਤ ‘ਚ ਬਣਾਏ ਕਾਨੂੰਨਾਂ ਨੂੰ ਨਹੀਂ ਮੰਨਦੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿਚ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ​​ਮਨੋਹਰ ਜੋਸ਼ੀ ਵਰਗੇ ਆਗੂਆਂ ਦੀ ਸਰਕਾਰ ਹੁੰਦੀ ਤਾਂ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ। ਕੇਂਦਰ ਦੀ ਭਾਜਪਾ ਸਰਕਾਰ ਕੋਲ ਪਹਿਲਾਂ ਵਾਂਗ ਕਿਸਾਨਾਂ ਦੀ ਦੁਰਦਸ਼ਾ ਨੂੰ ਸਮਝਣ ਵਾਲੇ ਆਗੂਆਂ ਦੀ ਘਾਟ ਹੈ।