‘ਘਰ ‘ਚ ਦਾਖਲ ਹੋ ਕੇ ਮਾਰ ਰਿਹੈ ਭਾਰਤ…’, ‘ਰਾਵ’ ਕਾਰਨ ਪਾਕਿਸਤਾਨ ਦੀ ਹਾਲਤ ਟਾਈਟ

ਨਵੀਂ ਦਿੱਲੀ – ਹਮੇਸ਼ਾ ਦੀ ਤਰ੍ਹਾਂ ਪਾਕਿਸਤਾਨ ਭਾਰਤ ਤੋਂ ਡਰਿਆ ਹੋਇਆ ਹੈ। ਇਸ ਵਾਰ ਉਸ ਨੇ ਖੁਦ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਦਰਅਸਲ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਦੇਸ਼ ‘ਚ ਅੱਤਵਾਦੀਆਂ ਖ਼ਿਲਾਫ਼ ਭਾਰਤ ਦੀ ਮੁਹਿੰਮ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪਾਕਿਸਤਾਨ ਨੇ ਕਿਹਾ ਕਿ ਭਾਰਤ ਆਪਣੀ ਸਰਹੱਦ ਤੋਂ ਬਾਹਰ ਅੱਤਵਾਦੀਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਚਲਾ ਰਿਹਾ ਹੈ।

ਪਾਕਿਸਤਾਨ ਨੇ ਇਹ ਦੋਸ਼ ਅਮਰੀਕੀ ਅਖ਼ਬਾਰ ਵਾਸ਼ਿੰਗਟਨ ਪੋਸਟ ਦੀ ਰਿਪੋਰਟ ਤੋਂ ਬਾਅਦ ਲਗਾਏ ਹਨ। ਰਿਪੋਰਟ ‘ਚ ਖ਼ੁਲਾਸਾ ਹੋਇਆ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਅੰਦਰ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਨੂੰ ਉਹ ਆਪਣੇ ਰਾਸ਼ਟਰੀ ਹਿੱਤਾਂ ਲਈ ਖ਼ਤਰਾ ਮੰਨਦਾ ਹੈ। ਵਾਸ਼ਿੰਗਟਨ ਪੋਸਟ ਨੇ ਹਾਲ ਹੀ ਵਿੱਚ ਖ਼ਬਰ ਦਿੱਤੀ ਹੈ ਕਿ ਭਾਰਤ ਦੀ ਖ਼ੁਫ਼ੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (RAW) 2021 ਤੋਂ ਪਾਕਿਸਤਾਨ ਵਿੱਚ ਅੱਤਵਾਦੀਆਂ ਨਾਲ ਨਜਿੱਠ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਦਿ ਗਾਰਡੀਅਨ’ ਵੱਲੋਂ ਵੀ ਅਜਿਹਾ ਹੀ ਦਾਅਵਾ ਕੀਤਾ ਗਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਵਿਦੇਸ਼ਾਂ ‘ਚ ਰਹਿੰਦੇ ਕਥਿਤ ਅੱਤਵਾਦੀਆਂ ਨੂੰ ਖ਼ਤਮ ਕਰਨ ਦੀ ਵਿਆਪਕ ਰਣਨੀਤੀ ਦੇ ਤਹਿਤ ਭਾਰਤ ਸਰਕਾਰ ਨੇ ਪਾਕਿਸਤਾਨ ‘ਚ ਘੱਟੋ-ਘੱਟ 20 ਲੋਕਾਂ ਨੂੰ ਮਾਰਨ ਦਾ ਹੁਕਮ ਦਿੱਤਾ ਸੀ।

ਇਸਲਾਮਾਬਾਦ ਵਿੱਚ ਆਪਣੀ ਹਫ਼ਤਾਵਾਰੀ ਨਿਊਜ਼ ਬ੍ਰੀਫਿੰਗ ਵਿੱਚ ਬੋਲਦਿਆਂ, ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅੱਤਵਾਦੀਆਂ ਵਿਰੁੱਧ ਭਾਰਤ ਦੀ ਮੁਹਿੰਮ ਪਾਕਿਸਤਾਨ ਤੋਂ ਬਾਹਰ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ’ਤੇ ਕਈ ਦੇਸ਼ਾਂ ਵਿੱਚ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।

ਅਮਰੀਕੀ ਅਖ਼ਬਾਰ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਖ਼ੁਫ਼ੀਆ ਏਜੰਸੀ ਰਾਅ ਗੁਪਤ ਹੱਤਿਆਵਾਂ ਕਰ ਰਹੀ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਅਜਿਹੀ ਕਾਰਵਾਈ ਨੂੰ ਸਰਕਾਰ ਦਾ ਵੀ ਸਮਰਥਨ ਹਾਸਲ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਅੱਜ ਤੱਕ ਇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।

ਰਾਸ਼ਟਰੀ ਸੁਰੱਖਿਆ ਬਾਰੇ ਚਿੰਤਾਵਾਂ ਦੇ ਜਵਾਬ ਵਿੱਚ ਬਲੋਚ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਖ਼ਤਰੇ ਦੇ ਖ਼ਿਲਾਫ਼ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਇਕ ਹੋਰ ਸਵਾਲ ਦੇ ਜਵਾਬ ਵਿਚ ਬੁਲਾਰੇ ਨੇ ਗਵਾਦਰ ਬੰਦਰਗਾਹ ‘ਤੇ ਪਾਕਿਸਤਾਨ ਦੀ ਸਥਿਤੀ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਇਹ ਪਾਕਿਸਤਾਨ ਦੇ ਵਿਕਾਸ ਲਈ ਚੀਨ ਦੇ ਸਮਰਥਨ ਨਾਲ ਹੀ ਵਿਕਸਤ ਕੀਤਾ ਗਿਆ ਹੈ ਅਤੇ ਵਿਦੇਸ਼ੀ ਤਾਕਤਾਂ ਨੂੰ ਫ਼ੌਜੀ ਆਧਾਰ ਦੇਣ ਦੇ ਕਿਸੇ ਵੀ ਇਰਾਦੇ ਤੋਂ ਇਨਕਾਰ ਕੀਤਾ ਹੈ।