ਪਟਨਾ-ਜਨ ਸੁਰਾਜ ਪਾਰਟੀ ਦੇ ਬਾਨੀ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐੱਸਸੀ) ਦੀ ਹਾਲ ਹੀ ਵਿੱਚ ਹੋਈ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਰੀਬ ਦੋ ਹਫ਼ਤਿਆਂ ਤੋਂ ਧਰਨੇ ’ਤੇ ਬੈਠੇ ਉਮੀਦਵਾਰਾਂ ਦੇ ਧਰਨੇ ਵਾਲੀ ਥਾਂ ਤੋਂ ਦੋ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਇਤਿਹਾਸਕ ਗਾਂਧੀ ਮੈਦਾਨ ’ਚ ਇਹ ਐਲਾਨ ਕੀਤਾ। ਹਾਲਾਂਕਿ ਪ੍ਰਸ਼ਾਸਨ ਨੇ ਕਿਹਾ ਕਿ ਗਾਂਧੀ ਮੈਦਾਨ ’ਤੇ ਮਰਨ ਵਰਤ ਗੈਰ-ਕਾਨੂੰਨੀ ਹੈ। ਇਹ ਪ੍ਰਦਰਸ਼ਨ ਕਰਨ ਲਈ ਨਿਰਧਾਰਤ ਸਥਾਨ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਮੇਰੀਆਂ ਮੰਗਾਂ ਵਿੱਚ ਪ੍ਰੀਖਿਆ ਰੱਦ ਕਰਕੇ ਨਵੇਂ ਸਿਰੇ ਤੋਂ ਕਰਵਾਉਣੀ ਸ਼ਾਮਲ ਹੈ। ਮੈਂ ਉਨ੍ਹਾਂ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕਰਦਾ ਹਾਂ, ਜਿਨ੍ਹਾਂ ਨੇ ਕਥਿਤ ਤੌਰ ’ਤੇ ਪ੍ਰੀਖਿਆਵਾਂ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਵਿਕਰੀ ’ਤੇ ਰੱਖੀਆਂ।’ ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨਾਲ ਲੰਮੇ ਸਮੇਂ ਤੋਂ ਬੇਇਨਸਾਫੀ ਕੀਤੀ ਜਾ ਰਹੀ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਸੂਬੇ ਦਾ ਦੌਰਾ ਕੀਤਾ ਸੀ ਅਤੇ ਬੇਰੁਜ਼ਗਾਰੀ ਦੂਰ ਕਰਨ ਦੇ ਵਾਅਦੇ ਕੀਤੇ ਸਨ ਪਰ ਇੱਕ ਵੀ ਵਿਅਕਤੀ ਨੂੰ ਇਸ ਦਾ ਲਾਭ ਨਹੀਂ ਮਿਲਿਆ। ਸਰਕਾਰ ਨੂੰ ਬੇਰੁਜ਼ਗਾਰੀ ਭੱਤਾ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ। ਸੋਮਵਾਰ ਨੂੰ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਵੱਲੋਂ ਮੁੱਖ ਸਕੱਤਰ ਅੰਮ੍ਰਿਤ ਲਾਲ ਮੀਨਾ ਨਾਲ ਕੀਤੀ ਗਈ ਮੁਲਾਕਾਤ ਤੋਂ ਤੁਰੰਤ ਬਾਅਦ ਕਿਸ਼ੋਰ ਨੇ ਕਿਹਾ ਸੀ ਕਿ ਉਹ 48 ਘੰਟੇ ਉਡੀਕ ਕਰਨਗੇ ਅਤੇ ਜੇ ਨਿਤੀਸ਼ ਕੁਮਾਰ ਸਰਕਾਰ 13 ਦਸੰਬਰ ਨੂੰ ਹੋਈਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਸਬੰਧੀ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਹ ਅੰਦੋਲਨ ਤੇਜ਼ ਕਰਨਗੇ।