ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ (Delhi Election 2025 Date) ‘ਤੇ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ 8 ਫਰਵਰੀ ਨੂੰ ਨਤੀਜੇ ਆਉਣਗੇ। ਦਿੱਲੀ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ ‘ਚ 23 ਫਰਵਰੀ ਤੋਂ ਪਹਿਲਾਂ ਨਵੀਂ ਸਰਕਾਰ ਬਣਾਉਣ ਲਈ ਚੋਣਾਂ ਦੀ ਤਰੀਕ ਤੈਅ ਕੀਤੀ ਗਈ ਹੈ।
ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਰਾਜਧਾਨੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹੁਣ ਚੋਣਾਂ ਦਾ ਸਮਾਂ ਪੂਰਾ ਹੋਣ ਤੱਕ ਸਰਕਾਰੀ ਮਸ਼ੀਨਰੀ ਚੋਣ ਕਮਿਸ਼ਨ ਦੇ ਕੰਟਰੋਲ ਹੇਠ ਰਹੇਗੀ। ਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਚੋਣ ਜ਼ਾਬਤਾ ਹਟਾਇਆ ਜਾਵੇਗਾ।
ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ ਸੋਮਵਾਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਨਵੀਂ ਸੂਚੀ ਮੁਤਾਬਕ ਇਸ ਵਾਰ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਹਨ।