CrimefeaturedPunjab

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਤੇ ਵਿਦੇਸ਼ੀ ਪਿਸਤੌਲ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਰਹੱਦ ਪਾਰ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 27 ਕਿਲੋਗ੍ਰਾਮ ਹੈਰੋਇਨ, ਇੱਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਆਧਾਰਤ ਇੱਕ ਆਪਰੇਟਿਵ ਅਤੇ ਸਰਹੱਦ ਪਾਰ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲੀਸ ਅਨੁਸਾਰ, ਉਹ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਅੱਗੇ ਸਪਲਾਈ ਕਰਦੇ ਸਨ।

ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੁਲੀਸ ਵੱਲੋਂ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।