ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਪੁਲੀਸ ਤੋਂ ਸਟੇਟਸ ਰਿਪੋਰਟ ਤਲਬ, ਨਿਰਪੱਖ ਜਾਂਚ ’ਤੇ ਜ਼ੋਰ
ਚੰਡੀਗੜ੍ਹ: ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਤੋਂ ਹੁਣ ਤੱਕ ਕੀਤੀ ਗਈ ਜਾਂਚ ਅਤੇ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਨਿਰਪੱਖ ਢੰਗ ਨਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ।
ਮਾਮਲੇ ਦੀ ਸੁਣਵਾਈ ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ। ਅਦਾਲਤ ਨੇ ਪੰਜਾਬ ਪੁਲੀਸ ਤੋਂ ਜਾਂਚ ਦੀ ਮੌਜੂਦਾ ਸਥਿਤੀ ਅਤੇ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ। ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਰਾਹੀਂ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵੀ ਕੀਤੀ ਗਈ ਹੈ, ਪਰ ਫਿਲਹਾਲ ਅਦਾਲਤ ਨੇ ਸੀਬੀਆਈ ਜਾਂਚ ਦੇ ਹੁਕਮ ਨਹੀਂ ਦਿੱਤੇ ਅਤੇ ਪਹਿਲਾਂ ਸਟੇਟਸ ਰਿਪੋਰਟ ਮੰਗੀ ਹੈ।
ਪੁਲੀਸ ਮੁਤਾਬਕ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਡੀਐੱਸਪੀ ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਜਾਂਚ ਜਾਰੀ ਹੋਣ ਕਾਰਨ ਇਸ ਸਮੇਂ ਇਸ ਨਾਲ ਸਬੰਧਤ ਤੱਥ ਜਨਤਕ ਨਹੀਂ ਕੀਤੇ ਜਾ ਸਕਦੇ।
ਗੁਲਜ਼ਾਰ ਸਿੰਘ ਨੇ ਦਿੜ੍ਹਬਾ ਹਲਕੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇੱਕ ਪ੍ਰੋਗਰਾਮ ਦੌਰਾਨ ਇਲਾਕੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਉਸ ਦੀ ਮੌਤ ਹੋਈ। ਪੁਲੀਸ ਨੇ ਮਾਮਲੇ ਵਿੱਚ ਇੱਕ ਸਰਪੰਚ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਹਰਪਾਲ ਸਿੰਘ ਚੀਮਾ ਦਾ ਨਾਮ ਐੱਫਆਈਆਰ ਵਿੱਚ ਮੁਲਜ਼ਮ ਵਜੋਂ ਦਰਜ ਨਹੀਂ ਹੈ।
ਹਾਈ ਕੋਰਟ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਹੁਣ ਪੁਲੀਸ ਵੱਲੋਂ ਪੇਸ਼ ਕੀਤੀ ਜਾਣ ਵਾਲੀ ਸਟੇਟਸ ਰਿਪੋਰਟ ਰਾਹੀਂ ਜਾਂਚ ਦੀ ਪ੍ਰਗਤੀ ਅਤੇ ਹੁਣ ਤੱਕ ਕੀਤੀ ਕਾਰਵਾਈ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
