Punjab

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਨੁਰਾਗ ਵਰਮਾ ਸਮੇਤ ਕਈ ਅਧਿਕਾਰੀਆਂ ਦੇ ਵਿਭਾਗ ਬਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਕਈ ਸੀਨੀਅਰ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਕੀਤੀ ਗਈ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਨਾਲ-ਨਾਲ ਨਿਆਂ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਯੋਜਨਾ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।

ਉੱਧਰ, ਟਰਾਂਸਪੋਰਟ ਵਿਭਾਗ ਤੋਂ ਤਬਦੀਲ ਕੀਤੇ ਗਏ ਵਰੁਣ ਰੂਜ਼ਮ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਪ੍ਰਸ਼ਾਸਨਿਕ ਫੇਰਬਦਲ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ।