ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਜੋੜ ਮੇਲੇ ਦੀਆਂ ਰੌਣਕਾਂ, ਦੇਸ਼-ਵਿਦੇਸ਼ ਤੋਂ ਪਹੁੰਚ ਰਹੀ ਸੰਗਤ

ਸ੍ਰੀ ਗੋਇੰਦਵਾਲ ਸਾਹਿਬ (ਅਮ੍ਰਿਤਪਾਲ ਸਿੰਘ ਸਫ਼ਰੀ) ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਅਤੇ ਆਲੇ-ਦੁਆਲੇ ਦੇ ਗੁਰਦੁਆਰਾ ਸਾਹਿਬਾਨ ਨੂੰ ਸੁੰਦਰ ਫੁੱਲਾਂ, ਰੌਸ਼ਨੀਆਂ ਅਤੇ ਧਾਰਮਿਕ ਸਜਾਵਟ ਨਾਲ ਸਜਾਇਆ ਗਿਆ ਹੈ। ਪੂਰਾ ਗੋਇੰਦਵਾਲ ਸਾਹਿਬ ਗੁਰੂ ਘਰ ਦੀਆਂ ਰੌਣਕਾਂ ਨਾਲ ਰੰਗਿਆ ਨਜ਼ਰ ਆ ਰਿਹਾ ਹੈ।
ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਲਗਾਤਾਰ ਜਾਰੀ ਹੈ। ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਤਿਹਾਸਕ ਗੋਇੰਦਵਾਲ ਸਾਹਿਬ ਸਿੱਖ ਧਰਮ ਦੇ ਮਹੱਤਵਪੂਰਨ ਕੇਂਦਰਾਂ ਵਿੱਚੋਂ ਇੱਕ ਹੈ ਅਤੇ ਗੁਰੂ ਅਮਰਦਾਸ ਜੀ ਨਾਲ ਇਸ ਸਥਾਨ ਦਾ ਡੂੰਘਾ ਇਤਿਹਾਸਕ ਸਬੰਧ ਹੈ।
ਜੋੜ ਮੇਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਹਿਣ-ਸਹਿਣ, ਲੰਗਰ, ਸੁਰੱਖਿਆ, ਪਾਰਕਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਸੇਵਾ ਸੁਸਾਇਟੀਆਂ ਅਤੇ ਸੇਵਾਦਾਰ ਵੀ ਸੰਗਤ ਦੀ ਸੇਵਾ ਵਿੱਚ ਜੁਟੇ ਹੋਏ ਹਨ।
ਗੁਰੂ ਘਰ ਦੀ ਪਰੰਪਰਾ ਅਨੁਸਾਰ ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਲੰਗਰ ਦੀ ਸੇਵਾ ਵਿੱਚ ਵੀ ਆਪਣਾ ਯੋਗਦਾਨ ਪਾ ਰਹੀਆਂ ਹਨ। ਗੋਇੰਦਵਾਲ ਸਾਹਿਬ ਦਾ ਲੰਗਰ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਗੁਰੂ ਅਮਰਦਾਸ ਜੀ ਵੱਲੋਂ ਲੰਗਰ ਦੀ ਪ੍ਰਥਾ ਨੂੰ ਮਜ਼ਬੂਤ ਕਰਨ ਨਾਲ ਇਸ ਸਥਾਨ ਦੀ ਵਿਸ਼ੇਸ਼ ਪਛਾਣ ਜੁੜੀ ਹੋਈ ਹੈ।

ਜੋੜ ਮੇਲੇ ਸਬੰਧੀ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 26 ਸਤੰਬਰ ਨੂੰ ਪਾਏ ਜਾਣਗੇ। 25 ਅਤੇ 26 ਸਤੰਬਰ ਨੂੰ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਕਥਾ-ਵਾਚਕ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ।
ਜੋੜ ਮੇਲੇ ਦੌਰਾਨ ਸ੍ਰੀ ਬਾਉਲੀ ਸਾਹਿਬ ਵਿਖੇ ਇਸ਼ਨਾਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 26 ਸਤੰਬਰ ਨੂੰ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢੇ ਜਾਣ ਦਾ ਵੀ ਪ੍ਰੋਗਰਾਮ ਹੈ। ਰਾਤ ਸਮੇਂ ਮਹਾਨ ਕੀਰਤਨ ਸਮਾਗਮ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ।
ਇਤਿਹਾਸਕ ਗੋਇੰਦਵਾਲ ਸਾਹਿਬ ਵਿਖੇ ਹੋ ਰਹੇ ਇਸ ਜੋੜ ਮੇਲੇ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਗੁਰੂ ਘਰ ਵਿਖੇ ਪਹੁੰਚਣ ਦੀ ਲੜੀ ਜਾਰੀ ਹੈ ਅਤੇ ਸ੍ਰੀ ਬਾਉਲੀ ਸਾਹਿਬ ਸਮੇਤ ਸਮੁੱਚਾ ਗੋਇੰਦਵਾਲ ਸਾਹਿਬ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਹੈ।
