ਅਕਾਲ ਤਖ਼ਤ ਵੱਲੋਂ ਡੇਢ ਦਰਜਨ ਅਕਾਲੀ ਆਗੂਆਂ ਨੂੰ ਸਪੱਸ਼ਟੀਕਰਨ ਲਈ ਪੱਤਰ

ਅੰਮ੍ਰਿਤਸਰ – ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਉਸ ਵੇਲੇ ਦੀ ਸਰਕਾਰ ਵਿੱਚ ਰਹੇ ਲਗਪਗ ਡੇਢ ਦਰਜਨ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਲਈ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂ ਵੀ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਵਿਖੇ ਬੀਤੇ ਦਿਨ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿੱਚ ਰਹੇ ਮੰਤਰੀਆਂ ਨੂੰ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਗਰੋਂ ਇੱਕ ਦਿਨ ਬਾਅਦ ਹੀ ਸੁਖਬੀਰ ਬਾਦਲ ਨੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਖਿਮਾ ਯਾਚਨਾ ਪੱਤਰ ਦਿੱਤਾ ਸੀ। ਉਨ੍ਹਾਂ ਨਾਲ ਹੀ ਉਸ ਵੇਲੇ ਦੀ ਸਰਕਾਰ ਵਿੱਚ ਰਹੇ ਚਾਰ ਸਾਬਕਾ ਮੰਤਰੀਆਂ ਡਾ. ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸਣੇ ਲਗਪਗ 17 ਅਕਾਲੀ ਆਗੂਆਂ ਨੂੰ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚੋਂ ਬਿਕਰਮ ਸਿੰਘ ਮਜੀਠੀਆ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁੱਚਾ ਸਿੰਘ ਲੰਗਾਹ ਤੇ ਹੋਰ ਸ਼ਾਮਲ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚੋਂ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸਰਵਣ ਸਿੰਘ ਫਿਲੌਰ ਤੇ ਹੋਰ ਸ਼ਾਮਲ ਹਨ।