ਵਿੱਤੀ ਸੰਕਟ ਨਾਲ ਨਜਿੱਠਣ ਲਈ ਸਰਕਾਰ ਸਰਬ ਪਾਰਟੀ ਮੀਟਿੰਗ ਸੱਦੇ: ਬਾਜਵਾ

ਕਾਹਨੂੰਵਾਨ-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ ਆਰਥਿਕ ਸੰਕਟ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਭੇਜ ਕੇ ਇਸ ਵਿੱਤੀ ਸਾਲ ਲਈ ਉਧਾਰ ਲੈਣ ਦੀ ਸੀਮਾ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਢਾਈ ਸਾਲਾਂ ਦੇ ਸ਼ਾਸਨਕਾਲ ਦੌਰਾਨ ਪੈਦਾ ਹੋਏ ਵਿੱਤੀ ਸੰਕਟ ਦਾ ਖ਼ਮਿਆਜ਼ਾ ਹਰ ਪੰਜਾਬੀ ਨੂੰ ਝੱਲਣਾ ਪੈ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਬਾਜਵਾ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਬੁਲਾਉਣ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਤੋਂ ਸੁਝਾਅ ਲੈਣ ਵਿੱਚ ਗ਼ਲਤ ਕੀ ਹੈ। ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਹੋਰ ਕਦਮ ਚੁੱਕਣ ਦੀ ਬਜਾਏ ਆਮ ਲੋਕਾਂ ਦੀ ਜੇਬ ਨੂੰ ਖੋਰਾ ਲਾਉਣ ’ਤੇ ਤੁਲੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਪ੍ਰਸਿੱਧ ਅਰਥਸ਼ਾਸਤਰੀ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਮਾਹੌਲ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕੋਲ ਜਾਣ ਦੀ ਬਜਾਏ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਭਾਰਤ ਸਰਕਾਰ ਦੇ ਸਾਬਕਾ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਕੋਲ ਜਾ ਕੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਸੁਝਾਅ ਮੰਗੇ ਸਨ।