Punjab

ਆਮ ਆਦਮੀ ਪਾਰਟੀ ਦੀ ਬੇੜੀ ਡੁੱਬਣ ਲਈ ਤਿਆਰ: ਬਘੇਲ

ਨਵੀਂ ਦਿੱਲੀ-ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਪਾਰਟੀ ਛੱਡਣ ਲਈ ਤਿਆਰ ਬੈਠੇ ਹਨ ਅਤੇ ‘ਆਪ’ ਦੀ ਬੇੜੀ ਡੁੱਬਣ ਵਾਲੀ ਹੈ।’’ ਉਹ ਅੱਜ ਇੱਥੇ ਕੁੱਲ ਹਿੰਦ ਕਾਂਗਰਸ ਦੇ ਹੈੱਡਕੁਆਰਟਰ ਇੰਦਰਾ ਭਵਨ ਵਿੱਚ ਪਾਰਟੀ ਦੀ ਪੰਜਾਬ ਇਕਾਈ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਰਣਨੀਤੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਦਾਫਾਸ਼ ਕਰਨ ਲਈ ਇਕ ਵਿਸ਼ੇਸ਼ ਯੋਜਨਾ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਆਗੂ ਸ਼ਾਮਲ ਹੋਏ।

ਬਘੇਲ ਨੇ ਕਿਹਾ, ‘‘ਅਸੀਂ ਕੁੱਲ ਹਿੰਦ ਕਾਂਗਰਸ ਦੀਆਂ ਹਦਾਇਤਾਂ ਮੁਤਾਬਕ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਪੰਜਾਬ ਵਿੱਚ ਕਾਂਗਰਸ ਬਹੁਤ ਮਜ਼ਬੂਤ ਹੈ ਪਰ ਇਸ ਦੇ ਸੂਖਮ ਪ੍ਰਬੰਧਨ ਦੀ ਲੋੜ ਹੈ। ਅਸੀਂ ਪਾਰਟੀ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦਿੱਤਾ ਹੈ ਅਤੇ ਹਰੇਕ ਆਗੂ ਨੇ ਖੁੱਲ੍ਹ ਕੇ ਆਪਣੀ ਗੱਲ ਰੱਖੀ ਹੈ।’’ ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਏਜੰਡਾ ਤਿਆਰ ਕਰੇਗੀ ਜਿਸ ਨੂੰ ਬੂਥ ਪੱਧਰ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਲਈ ਇਕ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ, ‘‘ਅਸੀਂ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਦਲਿਤਾਂ ਅਤੇ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਲੜ ਰਹੇ ਹਾਂ।

ਬਘੇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਖ਼ਬਰਾਂ ਨੂੰ ਅਫ਼ਵਾਹ ਕਰਾਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਕਾਂਗਰਸ ਬਾਰੇ ਇਕ ਅੰਦਰੂਨੀ ਰਿਪੋਰਟ ਕਾਂਗਰਸ ਦੀ ਲੀਡਰਸ਼ਿਪ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ, ‘‘ਇਹ ਸੰਗਠਨ ਨੂੰ ਮਜ਼ਬੂਤ ਕਰਨ ਦਾ ਸਾਲ ਹੈ, ਇਸ ਵਾਸਤੇ ਸਾਰਿਆਂ ਨੇ ਉਸੇ ਦਿਸ਼ਾ ਵਿੱਚ ਆਪਣੇ ਵਿਚਾਰ ਰੱਖੇ।

ਇਸ ਮੀਟਿੰਗ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੁਝ ਹੋਰ ਆਗੂ ਸ਼ਾਮਲ ਨਹੀਂ ਹੋਏ। ਇਸ ਬਾਰੇ ਭੂਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ ਪਰ ਕੁਝ ਲੋਕ ਨਿੱਜੀ ਰੁਝੇਵਿਆਂ ਕਰ ਕੇ ਮੀਟਿੰਗ ਵਿੱਚ ਪਹੁੰਚ ਨਹੀਂ ਸਕੇ।