ਨਵੇਂ ਵਜ਼ੀਰਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ-ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ ਅੱਜ ਨਵੇਂ ਵਜ਼ੀਰਾਂ ਨੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਵਜ਼ੀਰਾਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਦਿਆਨਤਦਾਰੀ, ਸਮਰਪਣ, ਸੰਜੀਦਗੀ ਤੇ ਵਚਨਬੱਧਤਾ ਨਾਲ ਕਰਨ ਤਾਂ ਕਿ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉੱਤੇ ਲੋਕਾਂ ਤੱਕ ਯਕੀਨੀ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਇਸ ਲਈ ਹਰੇਕ ਵਜ਼ੀਰ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਨੂੰ ਸਿਖ਼ਰ ਉਤੇ ਪਹੁੰਚਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਲੰਘੇ ਦਿਨ ਪੰਜਾਬ ਦੀ ਵਜ਼ਾਰਤ ਵਿੱਚੋਂ ਚਾਰ ਮੰਤਰੀਆਂ ਦੀ ਛਾਂਟੀ ਕਰਦਿਆਂ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਸੀ। ਇਸ ਤਰ੍ਹਾਂ ਪੰਜਾਬ ਮੰਤਰੀ ਮੰਡਲ ਵਿੱਚ ਵਜ਼ੀਰਾਂ ਦੀ ਗਿਣਤੀ 16 ’ਤੇ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਇਹ ਚੌਥਾ ਫੇਰਬਦਲ ਹੈ।