ਦਫ਼ਤਰੀ ਕਾਮਿਆਂ ਤੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ
ਐੱਸਏਐੱਸ ਨਗਰ (ਮੁਹਾਲੀ)-ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੇ ਬਜਟ ਸੈਸ਼ਨ ਦੌਰਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸਿੱਖਿਆ ਭਵਨ ਦੇ ਗੇਟ ਬੰਦ ਕਰ ਕੇ ਮੁਜ਼ਾਹਰਾ ਕੀਤਾ। ਉਨ੍ਹਾਂ ਸਰਕਾਰ ਤੇ ਅਫ਼ਸਰਸ਼ਾਹੀ ਵਿਰੁੱਧ ਨਾਅਰੇਬਾਜ਼ੀ ਕੀਤੀ। ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਚਮਕੌਰ ਸਿੰਘ, ਵਰਿੰਦਰ ਸਿੰਘ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਰਮੇਸ਼ ਸਹਾਰਨ, ਗੁਰਮੀਤ ਸਿੰਘ, ਨੀਰਜ ਕਟੋਚ, ਨਰਿੰਦਰ ਸਿੰਘ ਅਤੇ ਵਰਿੰਦਰ ਵੋਹਰਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਪਰ ਅਫ਼ਸਰਸ਼ਾਹੀ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਤੋਂ ਬਾਅਦ ਕੈਬਨਿਟ ਸਬ-ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਦਾ ਮਸਲਾ ਹੱਲ ਕਰਨ ਦੇ ਫ਼ੈਸਲੇ ਲੈ ਕੇ ਅਨੇਕਾਂ ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਪਰ ਅਧਿਕਾਰੀ ਮਸਲੇ ਨੂੰ ਉਲਝਾ ਰਹੇ ਹਨ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਗਾਤਾਰ 10 ਪੈਨਲ ਮੀਟਿੰਗਾਂ ਕਰ ਕੇ ਅਧਿਕਾਰੀਆਂ ਨੂੰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਕਾਰਵਾਈ ਤੇਜ਼ ਕਰਨ ਦੇ ਹੁਕਮ ਚਾੜ੍ਹੇ ਗਏ ਸਨ ਪਰ ਹੁਣ ਤੱਕ ਮਸਲਾ ਹੱਲ ਨਹੀਂ ਹੋਇਆ। ਮੁਲਾਜ਼ਮਾਂ ਨੂੰ ਦਸੰਬਰ 2024 ਅਤੇ ਜਨਵਰੀ 2025 ਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ। ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਪੱਕਾ ਧਰਨਾ 14 ਜਨਵਰੀ ਨੂੰ ਖ਼ਤਮ ਕਰਨ ਸਮੇਂ ਬਣੀ ਸਹਿਮਤੀ ਅਨੁਸਾਰ ਦੋ ਮਹੀਨੇ ਬੀਤਣ ਦੇ ਬਾਵਜੂਦ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ।
ਜਥੇਬੰਦੀ ਦੇ ਆਗੂਆਂ ਦੀ ਡੀਜੀਐੱਸਈ ਨਾਲ ਕਰਵਾਈ ਮੁਲਾਕਾਤ
ਮੁਹਾਲੀ ਪ੍ਰਸ਼ਾਸਨ ਨੇ ਜਥੇਬੰਦੀ ਦੇ ਆਗੂਆਂ ਦੀ ਡੀਜੀਐੱਸਈ ਵਿਨੈ ਬਵਲਾਨੀ ਨਾਲ ਮੀਟਿੰਗ ਕਰਵਾਈ ਅਤੇ ਮੰਗਾਂ ਬਾਰੇ ਲੰਮੀ ਚਰਚਾ ਕੀਤੀ ਗਈ। ਅਧਿਕਾਰੀ ਨੇ ਮੁਲਾਜ਼ਮਾਂ ਨੂੰ ਰੈਗੂਲਰ ਦਾ ਮਾਮਲਾ ਕੈਬਨਿਟ ਸਬ-ਕਮੇਟੀ ਦੇ ਵਿਚਾਰ ਅਧੀਨ ਹੋਣ ਦੀ ਗੱਲ ਆਖੀ ਤੇ ਰੁਕੀਆਂ ਤਨਖ਼ਾਹਾਂ ਦਾ ਮਾਮਲਾ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 29 ਮਾਰਚ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ 9 ਅਪਰੈਲ ਨੂੰ ਮੀਟਿੰਗ ਤੈਅ ਕਰਵਾਈ ਗਈ। ਇਸ ਮਗਰੋਂ ਮੁਲਾਜ਼ਮਾਂ ਨੇ ਧਰਨਾ ਸਮਾਪਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸੁਣਵਾਈ ਨਾ ਹੋਈ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ।
