ਚੰਡੀਗੜ੍ਹ-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਨਕਲੀ ਖਾਦਾਂ ਦੀ ਵਿਕਰੀ, ਡੀਏਪੀ ਦੀ ਘਾਟ ਅਤੇ ਖਾਦਾਂ ਖਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਨੂੰ ਜ਼ਬਰੀ ਕਿਸਾਨਾਂ ਨੂੰ ਮੜ੍ਹਨ ਵਿਰੁੱਧ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਿਸਾਨਾਂ ਨੇ 15 ਡਿਪਟੀ ਕਮਿਸ਼ਨਰਾਂ ਤੇ 2 ਐੱਸਡੀਐਮ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪੇ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਦੀਪ ਸਿੰਘ ਟੱਲੇਵਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਸੂਬੇ ਵਿੱਚ ਨਕਲੀ ਖਾਦਾਂ ਦੀ ਵਿਕਰੀ ’ਤੇ ਰੋਕ ਲਾਈ ਜਾਵੇ ਅਤੇ ਅਜਿਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰਚਲਤ ਖਾਦਾਂ ਦੇ ਨਾਲ ਨੈਨੋ ਖਾਦਾਂ ਤੇ ਹੋਰ ਵਾਧੂ ਵਸਤਾਂ ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਕਿਸਾਨਾਂ ਨੂੰ ਮੜ੍ਹਨਾ ਬੰਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਖਾਦਾਂ ਦਾ ਬਨਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦੇ ਉਤਪਾਦਕ ਅਤੇ ਕਾਲਾਬਜ਼ਾਰੀ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਕਾਲੇ ਧੰਦੇ ਨੂੰ ਬੰਦ ਕੀਤਾ ਜਾਵੇ।
ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਤੇ 2 ਜ਼ਿਲ੍ਹਿਆਂ ਦੇ ਤਹਿਸੀਲ ਕੇਂਦਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਬਾਸਮਤੀ ਦਾ ਐੱਮਐੱਸਪੀ ’ਤੇ ਖਰੀਦ ਕਰਨ, ਡੀਏਪੀ ਤੇ ਯੂਰੀਆ ਦੀ ਘਾਟ ਨੂੰ ਦੂਰ ਕਰਕੇ ਕਾਲਾਬਾਜ਼ਾਰੀ ਨੂੰ ਨੱਥ ਪਾਉਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਦੇਣ ਅਤੇ ਖੰਡ ਮਿੱਲਾਂ ਪਹਿਲੀ ਨਵੰਬਰ ਤੋਂ ਚਾਲੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸ਼ੈਲਰਾਂ ਤੇ ਗੋਦਾਮਾਂ ਵਿਚੋਂ ਲਿਫਟਿੰਗ ਦਾ ਮਾਮਲਾ ਹੱਲ ਕਰਕੇ ਝੋਨੇ ਦੀ ਖਰੀਦ ਦਾ ਤਸੱਲੀਬਖ਼ਸ਼ ਪ੍ਰਬੰਧ ਕਰਨ, ਨਿਸਰ ਰਹੇ ਝੋਨੇ ਲਈ ਪਾਣੀ ਦੀ ਲੋੜ ਦੇ ਮੱਦੇਨਜ਼ਰ ਖੇਤੀ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਸਹਿਕਾਰੀ ਸੁਸਾਇਟੀਆਂ ’ਚ ਨਵੇਂ ਖਾਤੇ ਅਤੇ ਨਵੀਂ ਮੈਂਬਰਸ਼ਿਪ ਖੋਲ੍ਹਣ ਆਦਿ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਹਰਮੇਸ਼ ਸਿੰਘ ਢੇਸੀ, ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਖਜ਼ਾਨਚੀ ਜਸਵਿੰਦਰ ਸਿੰਘ ਝੱਬੇਲਵਾਲੀ ਤੇ ਸੂਬਾ ਸਕੱਤਰੇਤ ਮੈਂਬਰ ਸਤਬੀਰ ਸਿੰਘ ਸੁਲਤਾਨੀ ਨੇ ਸੰਬੋਧਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਮੰਗ ਕੀਤੀ ਕਿ ਝੋਨੇ ਦੀ ਫ਼ਸਲ ਦੀ ਖਰੀਦ ਸਮੇਂ ਨਮੀ ਦੀ ਮਾਤਰਾ 21 ਫ਼ੀਸਦ ਕੀਤੀ ਜਾਵੇ। ਇਸੇ ਤਰ੍ਹਾਂ ਪਰਾਲੀ ਨੂੰ ਸਾੜਨ ਤੋਂ ਬਿਨਾ ਸਾਂਭਣ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਬੋਨਸ ਨਾ ਦੇਣ ’ਤੇ ਕਿਸਾਨਾਂ ’ਤੇ ਕੇਸ ਦਰਜ ਕਰਨੇ ਅਤੇ ਲਾਲ ਐਂਟਰੀਆਂ ਪਾਉਣੀਆਂ ਬੰਦ ਕੀਤੀਆਂ ਜਾਣ।