ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਿਲਾਸਪੁਰ -ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਪੂਰਬਕ ਮਨਾਇਆ ਗਿਆ। ਸੈਮੀਨਾਰ ਦਾ ਅਗਾਜ ਪ੍ਰਿੰਸੀਪਲ ਅਤੇ ਸੀਨੀਅਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਅਰਪਿਤ ਕਰ ਕੇ ਕੀਤਾ। ਇਸ ਸਮੇਂ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਸ਼ਹੀਦ ਸਾਡੇ ਰਾਸ਼ਟਰ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜਿਨ੍ਹਾਂ ਤੋਂ ਨੌਜਵਾਨ ਵਰਗ ਨੂੰ ਸੇਧ ਲੈ ਕੇ ਦੇਸ਼ ਅਤੇ ਸਮਾਜ ਦੇ ਭਲੇ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀਆਂ ਪੁਸਤਕਾਂ ਪੜ੍ਹਣ ਦੀ ਸਲਾਹ ਵੀ ਦਿੱਤੀ। ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਅਜ਼ਾਦ ਹੋਇਆ ਹੈ ਅਤੇ ਸਾਨੂੰ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਜੇ ਅਧੂਰੇ ਹਨ। ਵਾਈਸ ਪ੍ਰਿੰਸੀਪਲ ਮੀਨਾ ਜੈਨ ਅਤੇ ਪੁਸ਼ਪਾ ਦੇਵੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦਿਲਾਂ ਤੇ ਰਾਜ ਕਰਨ ਵਾਲਾ ਅਜਿਹਾ ਸਿਰਲੱਥ ਯੋਧਾ ਹੈ ਜਿਸ ਨੇ ਲਾਸਾਨੀ ਸ਼ਹਾਦਤ ਨਾਲ ਫਰੰਗੀਆਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵਲੰਟੀਅਰਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ ਪੜ੍ਹਣ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਮੁਲਕ ਦੀ ਬੇਹਤਰੀ ਲਈ ਜੀਵਨ ਅਰਪਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਦੇਸ਼ ਦਾ ਹਰਾਵਲ ਦਸਤਾ ਹੁੰਦਾ ਹੈ, ਜਿਸ ਦੇ ਮੋਢਿਆਂ ਉੱਪਰ ਦੇਸ਼ ਦੀ ਕਿਸਮਤ ਸੰਵਾਰਨ ਦਾ ਬੋਝ ਹੁੰਦਾ ਹੈ। ਇਸ ਸਮੇਂ ਸਕੂਲ ਸਟਾਫ਼ ਅਤੇ ਵਲੰਟੀਅਰਾਂ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ. ਬਲਵਿੰਦਰ ਸਿੰਘ ਢਿੱਲੋਂ ਉਚੇਚੇ ਤੌਰ ’ਤੇ ਮੌਜੂਦ ਸਨ।