ਕੇਜਰੀਵਾਲ ਤੇ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ‘ਚ ਕੀਤੀ ਧੰਨਵਾਦ ਰੈਲੀ

ਚੰਡੀਗੜ੍ਹ-ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਡੋਡਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿਰਾਜ ਮਲਿਕ ਦੀ ਜਿੱਤ ‘ਤੇ ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੋਡਾ ‘ਚ ਧੰਨਵਾਦ ਰੈਲੀ ਕੀਤੀ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਨੂੰ ਜੇਤੂ ਬਣਾਉਣ ਲਈ ਉਥੇ ਮੌਜੂਦ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਮਹਿਰਾਜ ਮਲਿਕ ਨੂੰ ਜਿੱਤ ਲਈ ਵਧਾਈ ਦਿੱਤੀ।

ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡੋਡਾ ਵਿਧਾਨ ਸਭਾ ਦਾ ਨਾਂ ਜੰਮੂ-ਕਸ਼ਮੀਰ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਹੁਣ ਇੱਥੇ ਵੀ ਇਮਾਨਦਾਰ ਰਾਜਨੀਤੀ ਸ਼ੁਰੂਆਤ ਹੋ ਗਈ ਹੈ। ਇੱਥੋਂ ਦੇ ਲੋਕਾਂ ਨੇ ਜੋ ਕਰਿਸ਼ਮਾ ਕੀਤਾ ਹੈ ਉਹ ਅਸਾਧਾਰਨ ਹੈ। ਹੁਣ ਇੱਥੇ ਵੀ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ ਸ਼ੁਰੂ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਵਿਅਕਤੀ ਦਾ ਨਾਂ ਨਹੀਂ ਹੈ, ਉਹ ਇਕ ਸੋਚ ਦਾ ਨਾਂ ਹੈ। ਉਹ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਗਰੀਬਾਂ ਦੀ ਭਲਾਈ ਲਈ ਰਾਜਨੀਤੀ ਵਿੱਚ ਆ ਗਏ। ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੋ ਅੰਦੋਲਨ ਸ਼ੁਰੂ ਕੀਤਾ ਸੀ, ਉਹ ਰੰਗ ਲਿਆ ਰਿਰਾ ਹੈ।

ਆਮ ਆਦਮੀ ਪਾਰਟੀ ਨੇ ਲਗਾਤਾਰ ਤਿੰਨ ਵਾਰ ਦਿੱਲੀ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ। 2022 ਵਿੱਚ ਪੰਜਾਬ ਵਿੱਚ 117 ਵਿੱਚੋਂ 92 ਸੀਟਾਂ ਨਾਲ ਸਾਡੀ ਸਰਕਾਰ ਬਣੀ। ਸਾਡੇ ਗੁਜਰਾਤ ਵਿੱਚ ਪੰਜ ਅਤੇ ਗੋਆ ਵਿੱਚ ਦੋ ਵਿਧਾਇਕ ਹਨ। ਹੁਣ ਸਾਡਾ ਖਾਤਾ ਜੰਮੂ-ਕਸ਼ਮੀਰ ਵਿੱਚ ਵੀ ਖੁੱਲ੍ਹ ਗਿਆ ਹੈ। ਆਮ ਆਦਮੀ ਪਾਰਟੀ ਦੇਸ਼ ਵਿੱਚ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੀ ਪਾਰਟੀ ਹੈ। ਸਿਰਫ਼ ਦਸ ਸਾਲਾਂ ਵਿੱਚ ਕੌਮੀ ਪਾਰਟੀ ਬਣੀ। ਭਾਜਪਾ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਤੋਂ ਡਰਦੀ ਹੈ।

ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਆਮ ਪਰਿਵਾਰਾਂ ਦੇ ਲੋਕ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਦੇ ਹਨ। ਸਾਡਾ ਵੀ ਕੋਈ ਸਿਆਸੀ ਪਿਛੋਕੜ ਨਹੀਂ ਸੀ। ਕਾਂਗਰਸ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਵਿੱਚ ਆਮ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਸ ਵਿੱਚ ਸਥਾਪਤ ਆਗੂਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਸਿਆਸਤ ਵਿੱਚ ਮੌਕਾ ਮਿਲਦਾ ਹੈ।

ਮਾਨ ਨੇ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ ਹੈ। ਦੋਵਾਂ ਰਾਜਾਂ ਵਿੱਚ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰੀ ਹੈ। ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ। ਜਦਕਿ ਭਾਜਪਾ ਦੀ ਕਰੀਬ 20 ਰਾਜਾਂ ਵਿੱਚ ਸਰਕਾਰ ਹੈ ਪਰ ਇੱਕ ਵੀ ਸੂਬੇ ਵਿੱਚ ਨਾ ਮੁਫ਼ਤ ਬਿਜਲੀ ਹੈ ਅਤੇ ਨਾ ਹੀ ਕੋਈ ਹਸਪਤਾਲ ਹੈ। ਉਨ੍ਹਾਂ ਦਾ ਕੰਮ ਸਿਰਫ਼ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਹੈ।