ਨਵੀਂ ਦਿੱਲੀ-ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਗਸ਼ਤ ਕਰਨ ਲਈ ਇੱਕ ਸਮਝੌਤੇ ’ਤੇ ਪਹੁੰਚ ਗਏ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਅਤੇ ਚੀਨੀ ਵਾਰਤਾਕਾਰ ਮੁੱਦਿਆਂ ਨੂੰ ਸੁਲਝਾਉਣ ਲਈ ਪਿਛਲੇ ਕੁੱਝ ਹਫ਼ਤਿਆਂ ਤੋਂ ਸੰਪਰਕ ਵਿੱਚ ਸਨ। ਮੰਨਿਆ ਜਾ ਰਿਹਾ ਹੈ ਕਿ ਸਮਝੌਤਾ ਡੇਪਸਾਂਗ ਅਤੇ ਡੇਮਚੋਕ ਖੇਤਰਾਂ ਵਿੱਚ ਗਸ਼ਤ ਨਾਲ ਸਬੰਧਤ ਹੈ।
ਇਹ ਐਲਾਨ ਬ੍ਰਿਕਸ ਸੰਮੇਲਨ ’ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੂਸੀ ਸ਼ਹਿਰ ਕਜ਼ਾਨ ਦੀ ਯਾਤਰਾ ਤੋਂ ਇਕ ਦਿਨ ਪਹਿਲਾਂ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ, ਪਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਬ੍ਰਿਕਸ ਸੰਮੇਲਨ ਤੋਂ ਇਲਾਵਾ ਦੁਵੱਲੀ ਬੈਠਕ ਕਰਨ ਦੇ ਕਿਆਸ ਲਾਏ ਜਾ ਰਹੇ ਹਨ।