ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਮੁਕਾਬਲਾ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਇਸ ਵਾਰ ਮੁੱਖ ਮੁਕਾਬਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਹਵਾਲੇ ਨਾਲ ਕੀਤਾ ਗਿਆ। ਐਡਵੋਕੇਟ ਧਾਮੀ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਵੀ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਉਨ੍ਹਾਂ ਦੀ ਮੁੜ ਉਮੀਦਵਾਰ ਵਜੋਂ ਚੋਣ ਕਰਨ ’ਤੇ ਧਾਮੀ ਨੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਜ਼ਿਕਰਯੋਗ ਹੈ ਕਿ ਇਸ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 28 ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ। ਇਸ ਵਾਰ ਇਹ ਚੋਣ ਮੁਕਾਬਲਾ ਦਿਲਚਸਪ ਹੋਣ ਜਾ ਰਿਹਾ ਹੈ। ਇਸ ਮੁਕਾਬਲੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ਜੋ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਰਹਿ ਚੁੱਕੀ ਹੈ। ਐਡਵੋਕੇਟ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਪਹਿਲਾਂ ਵੀ 2022 ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਮੁਕਾਬਲਾ ਹੋ ਚੁੱਕਾ ਹੈ।