ਜੈਸ਼ੰਕਰ ਵੱਲੋਂ ਆਸਟਰੇਲਿਆਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਨਬਰ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ। ਜੈਸ਼ੰਕਰ ਨੇ ਇਸ ਮੁਲਾਕਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਲਬਨੀਜ਼ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਵਿਦੇਸ਼ ਮੰਤਰੀ 3 ਤੋਂ 7 ਨਵੰਬਰ ਤੱਕ ਆਸਟਰੇਲੀਆ ਦੇ ਅਧਿਕਾਰਤ ਦੌਰੇ ’ਤੇ ਹਨ। ਉਨ੍ਹਾਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘‘ਅੱਜ ਕੈਨਬਰਾ ਵਿੱਚ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੂੰ ਮਿਲ ਕੇ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾਂ ਭੇਜੀਆਂ ਗਈਆਂ। ਭਾਰਤ-ਆਸਟਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਸਬੰਧੀ ਉਨ੍ਹਾਂ ਦੇ ਮਾਰਗਦਰਸ਼ਨ ਦੀ ਪ੍ਰਸ਼ੰਸਾ ਕਰਦਾ ਹਾਂ।’’

ਇਸ ਤੋਂ ਪਹਿਲਾਂ ਜੈਸ਼ੰਕਰ ਨੇ ਆਸਟਰੇਲੀਆ ਵਿੱਚ ਲਿਬਰਲ ਪਾਰਟੀ ਦੇ ਆਗੂ ਪੀਟਰ ਡਟਨ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ ਡਟਨ ਨਾਲ ਮੁਲਾਕਾਤ ਮਗਰੋਂ ਕਿਹਾ, ‘‘ਆਲਮੀ ਮੁੱਦਿਆਂ ’ਤੇ ਇੱਕ ਦੂਜੇ ਦੇ ਨਜ਼ਰੀਏ ਸਾਂਝੇ ਕੀਤੇ। ਸਾਡੇ ਦੁਵੱਲੇ ਸਬੰਧਾਂ ਲਈ ਉਨ੍ਹਾਂ ਦੇ ਸਮਰਥਨ ਦੀ ਪ੍ਰਸ਼ੰਸਾ ਕਰਦਾ ਹਾਂ।’’

ਉਨ੍ਹਾਂ ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਵਿੰਸਟਨ ਪੀਟਰਸ ਨਾਲ ਵੀ ਇੱਥੇ ਮੁਲਾਕਾਤ ਕੀਤੀ। ਪੀਟਰਸ ਨਾਲ ਆਪਣੀ ਮੁਲਾਕਾਤ ਬਾਰੇ ਜੈਸ਼ੰਕਰ ਨੇ ਕਿਹਾ, ‘‘ਸਿੱਖਿਆ, ਟੈਕਨੋਲੋਜੀ, ਖੇਤੀ ਅਤੇ ਲੋਕਾਂ ਦਰਮਿਆਨ ਸਬੰਧਾਂ ’ਤੇ ਚਰਚਾ ਕੀਤੀ ਗਈ। ਹਿੰਦ-ਪ੍ਰਸ਼ਾਂਤ ਤੇ ਆਲਮੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ।’’ ਵਿਦੇਸ਼ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਹਯਾਨ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ ‘ਐਕਸ’ ’ਤੇ ਲਿਖਿਆ, ‘‘ਕੈਨਬਰਾ ਵਿੱਚ ਅੱਜ ਮੇਰੇ ਮਿੱਤਰ ਯੂਏਈ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਹਯਾਨ ਨਾਲ ਮੁਲਾਕਾਤ ਚੰਗੀ ਰਹੀ।’