ਨਵੀਂ ਦਿੱਲੀ- ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀਜੇਆਈ ਵਜੋਂ ਸੇਵਾ ਕਰਨਗੇ 13 ਮਈ, 2025 ਨੂੰ ਅਹੁਦਾ ਛੱਡ ਦੇਣਗੇ। ਜ਼ਿਕਰਯੋਗ ਹੈ ਕਿ ਉਹ ਜਸਟਿਸ ਡੀ ਵਾਈ ਚੰਦਰਚੂੜ ਦੀ ਥਾਂ ਲੈਣਗੇ, ਜਿਨ੍ਹਾਂ ਨੇ ਐਤਵਾਰ ਨੂੰ 65 ਸਾਲ ਦੀ ਉਮਰ ਵਿੱਚ ਅਹੁਦਾ ਛੱਡ ਦਿੱਤਾ ਸੀ।
ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ
ਭਾਰਤ ਦੇ 51ਵੇਂ ਚੀਫ ਜਸਟਿਸ ਸੰਜੀਵ ਖੰਨਾ ਈਵੀਐਮ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ, ਧਾਰਾ 370 ਨੂੰ ਰੱਦ ਕਰਨ, ਚੋਣ ਬਾਂਡ ਸਕੀਮ ਨੂੰ ਰੱਦ ਕਰਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਰਗੇ ਕਈ ਇਤਿਹਾਸਕ ਫੈਸਲਿਆਂ ਵਾਲੇ ਬੈਂਚ ਦਾ ਹਿੱਸਾ ਰਹੇ ਹਨ। ਦਿੱਲੀ ਦੇ ਇੱਕ ਉੱਘੇ ਪਰਿਵਾਰ ਨਾਲ ਸਬੰਧਤ, ਜਸਟਿਸ ਖੰਨਾ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਦੇਵ ਰਾਜ ਖੰਨਾ ਦੇ ਪੁੱਤਰ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਐਚ ਆਰ ਖੰਨਾ ਦੇ ਭਤੀਜੇ ਹਨ।