ਕਿਸਾਨਾਂ ਦਾ ਮੁੜ ਦਿੱਲੀ ਕੂਚ ਦਾ ਐਲਾਨ, 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਹੀ ਹੋਣਗੇ ਰਵਾਨਾ

ਜਲੰਧਰ – ਚੰਡੀਗੜ੍ਹ ‘ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ। ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਉਹ ਚੁੱਪ ਬੈਠੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ ਹਨ। ਕਿਹਾ ਕਿ ਉਨ੍ਹਾਂ ਦੇ ਨਾਲ ਕੋਈ ਟ੍ਰੈਕਟਰ-ਟਰਾਲੀ ਨਹੀਂ ਹੋਵੇਗੀ ਤੇ ਜਥਿਆਂ ਦੇ ਰੂਪ ‘ਚ ਜਾਣਗੇ। ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਜਗ੍ਹਾ ਵੀ ਮੁਹੱਈਆ ਕਰਵਾਈ ਜਾਵੇਗੀ।

ਦੂਜੇ ਪਾਸੇ, ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਹਨ। ਬੀਤੇ ਦਿਨ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ਜਿਸ ਕਾਰਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ਮੋਰਚੇ ‘ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ।