ਮੁਕਾਬਲੇ ਤੋਂ ਬਾਅਦ ਪੁਲਿਸ ਨੇ ਕਾਬੂ ਕੀਤਾ ਅਪਰਾਧੀ, ਲੱਤ ‘ਚ ਵੱਜੀ ਗੋਲ਼ੀ

ਤਰਨਤਾਰਨ – ਕਤਲ ਸਮੇਤ ਅੱਧਾ ਦਰਜਨ ਦੇ ਕਰੀਬ ਕੇਸਾਂ ‘ਚ ਲੋੜੀਂਂਦੇ ਇਕ ਅਪਰਾਧੀ ਨੂੰ ਤਰਨਤਾਰਨ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਗੋਲੀਬਾਰੀ ਦੌਰਾਨ ਬਦਮਾਸ਼ ਦੀ ਲੱਤ ’ਤੇ ਗੋਲ਼ੀ ਲੱਗੀ ਜਦੋਂਕਿ ਉਸ ਕੋਲੋਂ ਇਕ ਆਧੁਨਿਕ ਪਿਸਤੌਲ ਵੀ ਬਰਾਮਦ ਹੋਇਆ ਹੈ। ਮੁਕਾਬਲੇ ਵਾਲੀ ਜਗ੍ਹਾ ’ਤੇ ਐੱਸਐੱਸਪੀ ਅਭੀਮੰਨਿਊ ਰਾਣਾ, ਐੱਸਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ ਸਮੇਤ ਹੋਰ ਅਧਿਕਾਰੀ ਵੀ ਪਹੁੰਚ ਗਏ।

ਐੱਸਐੱਸਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਕਤਲ ਸਮੇਤ ਵੱਖ-ਵੱਖ ਕੇਸਾਂ ਵਿਚ ਲੋੜੀਂਦੇ ਮੁਲਜ਼ਮ ਜੁਗਰਾਜ ਸਿੰਘ ਵਾਸੀ ਮੁਰਾਦਪੁਰ ਨਾਮਕ ਮੁਲਜ਼ਮ ਬਾਰੇ ਸੀਆਈਏ ਸਟਾਫ ਤਰਨਤਾਰਨ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੂੰ ਇਲਾਕੇ ਵਿਚ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਸ ਨੂੰ ਫੜ੍ਹਨ ਲਈ ਜਾਲ ਵਛਾਇਆ ਗਿਆ ਤਾਂ ਉਸਨੇ ਪੁਲਿਸ ਪਾਰਟੀ ਉੱਪਰ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਜੁਗਰਾਜ ਸਿੰਘ ਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਜਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ 45 ਬੋਰ ਦਾ ਇਕ ਪਿਸਟਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਉੱਪਰ 5 ਜਾਨਲੇਵਾ ਹਮਲਾ ਕਰਨ ਸਬੰਧੀ ਕੇਸ ਦਰਜ ਹਨ ਅਤੇ 29 ਜੁਲਾਈ 2024 ਨੂੰ ਹੋਏ ਇਕ ਕਤਲ ਦੇ ਕੇਸ ਵਿਚ ਵੀ ਇਹ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਸਦਾ ਕਿਸੇ ਗੈਂਗ ਨਾਲ ਸਬੰਧ ਹੈ ਜਾਂ ਨਹੀਂ ਇਸ ਬਾਰੇ ਪਤਾ ਲਗਾਇਆ ਜਾ ਰਿਹਾ ਹੈ।ਨਾਲ ਹੀ ਇਸਦੇ ਸਾਥੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।