ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਪੰਜਾਬ ਦੇ ਪੰਥਕ ਤੇ ਸਿਆਸੀ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਥੇ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲ ਤਖਤ ਦੇ ਜਥੇਦਾਰ ਵੱਲੋਂ 2 ਦਸੰਬਰ ਨੂੰ ਤਲਬ ਕੀਤੇ ਗਏ ਆਗੂਆਂ ਸਬੰਧੀ ਵੀ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਸੁਧਾਰ ਲਹਿਰ ਦੇ ਆਗੂਆਂ ਨੇ ਫੈਸਲਾ ਕੀਤਾ ਕਿ ਸੁਧਾਰ ਲਹਿਰ ਦੇ ਆਗੂ ਸ੍ਰੀ ਅਕਾਲ ਤਖ਼ਤ ਮੂਹਰੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ। ਇਸੇ ਦੇ ਚਲਦਿਆਂ ਸੁਧਾਰ ਲਹਿਰ ਕਾਰਜਕਾਰਨੀ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਪ੍ਰੀਜ਼ੀਡੀਅਮ ਮੈਂਬਰ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਨ੍ਹਾਂ ਅਸਤੀਫ਼ਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪ੍ਰਵਾਨ ਕੀਤਾ ਗਿਆ। ਹਾਲਾਂਕਿ ਬੀਬੀ ਜਗੀਰ ਕੌਰ, ਸਰਵਨ ਸਿੰਘ ਫਿਲੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਪਹਿਲਾਂ ਹੀ ਅਸਤੀਫ਼ੇਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਲੀਡਰਸ਼ਿਪ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵਿਸ਼ਵਾਸ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ, ਸਿਆਸੀ ਜਾਂ ਹੋਰ ਕਿਸੇ ਵੀ ਕਿਸਮ ਦੀ ਸੇਵਾ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਲੱਗੇਗੀ ਤਾਂ ਉਹ ਸਿਰ ਝੁਕਾ ਕੇ ਤੇ ਨਿਮਾਣੇ ਸਿੱਖ ਵਜੋਂ ਇਹ ਸੇਵਾ ਕਰਨਗੇ।