ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ।
ਇਸ ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਕੇਵਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟੱਪ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।