ਨਵੀਂ ਦਿੱਲੀ –ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਗੁਆਂਢੀ ਮੁਲਕ ਵਿੱਚ ਘੱਟ ਗਿਣਤੀਆਂ ਖ਼ਿਲਾਫ਼ ਹਿੰਸਾ ਦੀਆਂ ਘਟਨਾਵਾਂ ਵਧ ਰਹੀਆਂ ਹਨ। ਹਾਲ ਹੀ ‘ਚ ਹਿੰਦੂ ਪੁਜਾਰੀ ਚਿਨਮੋਏ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਕਈ ਹਿੰਦੂਆਂ ‘ਤੇ ਹਮਲੇ ਹੋਏ ਸਨ।
ਹਮਲੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖ਼ਤ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਹੁਣ ਬੰਗਲਾਦੇਸ਼ ਸਰਕਾਰ ਹਰਕਤ ਵਿੱਚ ਆਈ ਹੈ।
ਚਿਨਮਯ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸਕਾਨ ਮੰਦਰ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਹੁਣ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਪ੍ਰੈੱਸ ਸਕੱਤਰ ਸ਼ਫੀਫੁਲ ਇਸਲਾਮ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਦੇਸ਼ ‘ਚ ਹਿੰਦੂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਚੇਤਨਾ (ਇਸਕੋਨ) ‘ਤੇ ਪਾਬੰਦੀ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ।
ਹਿੰਦੂ ਭਾਈਚਾਰੇ ‘ਤੇ ਵੱਧ ਰਹੀਆਂ ਹਿੰਸਾ ਦੀਆਂ ਘਟਨਾਵਾਂ ‘ਤੇ ਸ਼ਫੀਕੁਲ ਨੇ ਅੱਗੇ ਕਿਹਾ ਕਿ ਇੱਥੇ ਹਰ ਹਿੰਦੂ ਸੁਰੱਖਿਅਤ ਹੈ। CNN-News18 ਨੂੰ ਦਿੱਤੇ ਇੰਟਰਵਿਊ ਵਿੱਚ ਸ਼ਫੀਫੁਲ ਇਸਲਾਮ ਨੇ ਕਿਹਾ ਕਿ ਹਿੰਦੂਆਂ ‘ਤੇ ਅੱਤਿਆਚਾਰ ਦੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਮੈਂ ਬੇਨਤੀ ਕਰਦਾ ਹਾਂ ਕਿ ਕੋਈ ਵੀ ਵਿਅਕਤੀ ਜ਼ਮੀਨੀ ਪੱਧਰ ਨੂੰ ਜਾਣੇ ਬਿਨਾਂ ਗ਼ਲਤ ਜਾਣਕਾਰੀ ਸਾਂਝੀ ਨਾ ਕਰੇ।
ਸ਼ਫੀਕੁਲ ਨੇ ਅੱਗੇ ਕਿਹਾ ਕਿ ਮੈਂ ਸਹਿਮਤ ਹਾਂ ਕਿ ਪਹਿਲਾਂ ਕੁਝ ਹਿੰਸਾ ਹੋਈ ਸੀ, ਪਰ ਹੁਣ ਸਥਿਤੀ ਆਮ ਹੈ।