ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਮੁਲਤਵੀ

ਪਟਿਆਲਾ- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਲੰਘੀ ਦੇਰ ਸ਼ਾਮ ਡੀਐਮਸੀ ਤੋਂ ਸਰਕਾਰ ਵੱਲੋਂ ਰਿਹਾਅ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੂੰ ਘੇਰਨ ਦਾ ਉਲੀਕਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਅੱਜ ਤੜਕੇ ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੋਵਾਂ ਫੋਰਮਾ ਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਕੀਤੀ ਜਾਵੇਗੀ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਬਾਰੇ ਤੈਅ ਕੀਤੇ ਗਏ ਪ੍ਰੋਗਰਾਮ ਦੇ ਤਹਿਤ ਤਿਆਰੀਆਂ ਸਿਖਰਾਂ ’ਤੇ ਹੋਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੀ ਆਮਦ ਤੇਜ਼ ਹੋ ਗਈ ਹੈ।