ਭਗਵੰਤ ਮਾਨ ਸਰਕਾਰ ਨੇ ਵਿਸ਼ਵ ਬੈਂਕ ਤੋਂ ਮਦਦ ਮੰਗੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਸਾਹਮਣੇ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਮਦਦ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਵਿਸ਼ਵ ਬੈਂਕ ਦੇ ਡਾਇਰੈਕਟਰ ਸਾਹਮਣੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ, ਜਨਤਕ ਸੇਵਾਵਾਂ ’ਚ ਸੁਧਾਰ ਅਤੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਵਿੱਤੀ ਸਹਾਇਤਾ ਨਾਲ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਤੇ ਸਮਾਜ ਭਲਾਈ ਪਹਿਲਕਦਮੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਜਲ ਸਰੋਤਾਂ ਨੂੰ ਸੁਰਜੀਤ ਕਰ ਰਹੀ ਹੈ ਅਤੇ ਵਾਹੀਯੋਗ ਜ਼ਮੀਨ ਦੇ ਵੱਧ ਤੋਂ ਵੱਧ ਹਿੱਸੇ ਨੂੰ ਨਹਿਰੀ ਪਾਣੀ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਦੇ ਕਿਨਾਰਿਆਂ ਨੂੰ ਪੱਕਾ ਕਰਨ, ਪੁਰਾਣੇ ਖਾਲ਼ਾਂ ਨੂੰ ਸੁਰਜੀਤ ਕਰਨ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤੇ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਇੱਕ ਮੀਟਰ ਦੇ ਕਰੀਬ ਵਧਿਆ ਹੈ। ਮੁੱਖ ਮੰਤਰੀ ਮਾਨ ਨੇ ਧਰਤੀ ਹੇਠਲੇ ਪਾਣੀ ਵਿੱਚ ਸਿੱਕਾ ਅਤੇ ਹੋਰ ਭਾਰੀ ਧਾਤਾਂ ਦੀ ਮੌਜੂਦਗੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਪ੍ਰਾਜੈਕਟ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਹਾਂ-ਪੱਖੀ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਖੇਤਰ ’ਚ ਸਹਿਯੋਗ ਬਾਰੇ ਵਿਚਾਰ ਕਰ ਰਹੇ ਹਨ।

ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨੇ ਵਿਕਾਸ ਤੇ ਪ੍ਰਗਤੀ ਲਈ ਪੰਜਾਬ ਦੀ ਸਮਰੱਥਾ ਨੂੰ ਮੰਨਦਿਆਂ ਇਕ ਮਜ਼ਬੂਤ ਤੇ ਲਚਕੀਲੇ ਜਨਤਕ ਵਿੱਤੀ ਪ੍ਰਬੰਧਨ ਢਾਂਚੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਪੰਜਾਬ ਦੇ ਯਤਨਾਂ ਦਾ ਸਮਰਥਨ ਕਰਨ ਲਈ ਆਪਣੀ ਇੱਛਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਵੱਡੇ ਸ਼ਹਿਰਾਂ ਵਿੱਚ ਸਹਿਯੋਗ ਦੇ ਖੇਤਰਾਂ ਅਤੇ ਵਿੱਤੀ ਸੂਝ-ਬੂਝ, ਡੇਟਾ ਸ਼ੇਅਰਿੰਗ ਅਤੇ ਹੋਰ ਸੇਵਾਵਾਂ ਦੀ ਭਾਲ ਕਰ ਰਿਹਾ ਹੈ। ਅਗਸਟ ਟੈਨੋ ਕੁਆਮੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੈਂਕ, ਦੇਸ਼ ਦੇ ਹੋਰ ਹਿੱਸਿਆਂ ’ਚ ਵੀ ਇਨ੍ਹਾਂ ਨੂੰ ਅਪਣਾਉਣ ਬਾਰੇ ਵਿਚਾਰ ਕਰ ਰਿਹਾ ਹੈ।