ਰੋਸ ਮਾਰਚ ਕਰਦੇ ਭਾਜਪਾ ਆਗੂਆਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਮੁਹਾਲੀ-ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਲਗਾਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਮਾਮਲੇ ’ਤੇ ਭਾਜਪਾ ਅਤੇ ‘ਆਪ’ ਆਗੂਆਂ ਵੱਲੋਂ ਇੱਕ-ਦੂਜੇ ’ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਬੁੱਤ ਦੇ ਉਦਘਾਟਨ ’ਚ ਦੇਰੀ ਖ਼ਿਲਾਫ਼ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ। ਅੱਜ ਭਾਜਪਾ ਆਗੂ ਅਤੇ ਵਰਕਰ ਸੈਕਟਰ-82 ਸਥਿਤ ਐਰੋਸਿਟੀ ਵਿੱਚ ਇਕੱਠੇ ਹੋਏ ਅਤੇ ਇੱਥੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਲਈ ਮਾਰਚ ਕਰਦੇ ਹੋਏ ਹਵਾਈ ਅੱਡੇ ਵੱਲ ਚੱਲ ਪਏ ਪਰ ਮੁਹਾਲੀ ਪੁਲੀਸ ਨੇ ਬੈਰੀਕੇਡਿੰਗ ਕਰ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲੀਸ ਨਾਲ ਭਾਜਪਾ ਵਰਕਰਾਂ ਦੀ ਖਿੱਚ-ਧੂਹ ਵੀ ਹੋਈ। ਪੁਲੀਸ ਨੇ ਰੋਸ ਪ੍ਰਗਟ ਕਰ ਰਹੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਮੁੱਖ ਬੁਲਾਰੇ ਸਰੀਨ ਅਤੇ ਵਿਨੀਤ ਜੋਸ਼ੀ ਸਣੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਸ਼ਾਮ ਤੱਕ ਮਟੌਰ ਥਾਣੇ ਵਿੱਚ ਰੱਖਿਆ ਗਿਆ ਜਦੋਂਕਿ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਅਤੇ ਫ਼ਤਹਿ ਜੰਗ ਸਿੰਘ ਬਾਜਵਾ ਹਵਾਈ ਅੱਡਾ ਚੌਕ ਨੇੜੇ ਹੀ ਡਟੇ ਰਹੇ।

ਇਸ ਦੇ ਮੱਦੇਨਜ਼ਰ ਪੁਲੀਸ ਨੇ ਹਵਾਈ ਅੱਡੇ ਨੇੜੇ ਚੌਕਸੀ ਵਧਾ ਦਿੱਤੀ ਹੈ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਹਵਾਈ ਅੱਡੇ ’ਤੇ ਸਥਾਪਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦਾ ਸਮਾਂ ਨਹੀਂ ਹੈ। ਇਸ ਕਰ ਭਾਜਪਾ ਨੂੰ ਖ਼ੁਦ ਹੀ ਬੁੱਤ ਤੋਂ ਪਰਦਾ ਚੁੱਕਣਾ ਪਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਚਾਰ ਦਸੰਬਰ ਨੂੰ ਸਵੇਰੇ 11 ਵਜੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਬਾਰੇ ਜਾਣਕਾਰੀ ਦੇਣ ਮਗਰੋਂ ਭਾਜਪਾ ਆਗੂਆਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਪਹਿਲਾਂ ਹੀ ਇਹ ਐਲਾਨ ਕਰ ਦਿੰਦੇ ਤਾਂ ਅੱਜ ਉਨ੍ਹਾਂ ਨੂੰ ਇਹ ਕਦਮ ਨਾ ਚੁੱਕਣਾ ਪੈਂਦਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਦਸੰਬਰ ਨੂੰ ਸਵੇਰੇ 11 ਵਜੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ ਜਾਵੇਗਾ। ਉਂਜ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਅਕਤੂਬਰ ਦੇ ਪਹਿਲੇ ਹਫ਼ਤੇ ਬੁੱਤ ਤੋਂ ਪਰਦਾ ਚੁੱਕਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਉਦੋਂ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕਈ ਦਿਨ ਫੋਰਟਿਸ ਹਸਪਤਾਲ ਵਿੱਚ ਕਈ ਦਿਨਾਂ ਤਕ ਦਾਖ਼ਲ ਰਹਿਣਾ ਪਿਆ ਸੀ। ਇਸ ਮਗਰੋਂ ਉਨ੍ਹਾਂ ਨੇ ਫਿਰ ਤੋਂ ਉਦਘਾਟਨ ਕਰਨਾ ਚਾਹਿਆ ਤਾਂ ਸੂਬੇ ਵਿੱਚ ਹੋਈਆਂ ਜ਼ਿਮਨੀ ਚੋਣਾਂ ਕਾਰਨ ਚੋਣ ਜ਼ਾਬਤਾ ਲੱਗ ਗਿਆ ਜਿਸ ਕਾਰਨ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਦਾ ਮਾਮਲਾ ਲਟਕ ਗਿਆ ਸੀ। ਇਸ ਸਬੰਧੀ ਸੂਤਰ ਦੱਸਦੇ ਹਨ ਕਿ ਹੁਣ ਮੁੱਖ ਮੰਤਰੀ ਤਿੰਨ ਦਸੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦਾ ਪ੍ਰੋਗਰਾਮ ਬਣਾ ਰਹੇ ਸਨ। ਹਾਲਾਂਕਿ, ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਕਾਰਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਸਬੰਧੀ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਮਿਲੀ।