ਚੰਡੀਗੜ੍ਹ-ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਛੇ ਦਸੰਬਰ ਨੂੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਅੱਜ ਹਰਿਆਣਾ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਹਰਿਆਣਾ ਪੁਲੀਸ ਨੇ ਅੱਜ ਦਿੱਲੀ ਕੂਚ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਨਿਊ ਪੁਲੀਸ ਆਫੀਸਰਜ਼ ਇੰਸਟੀਚਿਊਟ, ਅੰਬਾਲਾ ਵਿੱਚ ਮੀਟਿੰਗ ਕੀਤੀ। ਇਸ ਵਿੱਚ ਦੋਵਾਂ ਫੋਰਮਾਂ ਦੇ ਦਰਜਨ ਦੇ ਕਰੀਬ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਹਰਿਆਣਾ ਪੁਲੀਸ ਨੇ ਕਿਸਾਨ ਆਗੂਆਂ ਦੇ ਸਮੁੱਚੇ ਪ੍ਰੋਗਰਾਮ ਬਾਰੇ ਚਰਚਾ ਕੀਤੀ। ਪੁਲੀਸ ਨੇ ਕਿਸਾਨਾਂ ਨੂੰ ਟਕਰਾਅ ਜਾਂ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਨਾ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਪੁਲੀਸ ਨੂੰ ਭਰੋਸਾ ਦਿਵਾਇਆ ਕਿ ਸ਼ਾਂਤਮਈ ਢੰਗ ਨਾਲ ਪੈਦਲ ਹੀ ਜਥੇ ਬਣਾ ਕੇ ਦਿੱਲੀ ਕੂਚ ਕੀਤਾ ਜਾਵੇਗਾ। ਇਸ ਦੌਰਾਨ ਨਾ ਕਿਸੇ ਨੂੰ ਤੰਗ ਕੀਤਾ ਜਾਵੇਗਾ ਤੇ ਨਾ ਹੀ ਆਵਾਜਾਈ ਜਾਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ, ਉਹ ਹਰਿਆਣਾ ’ਚ ਕੋਈ ਟਕਰਾਅ ਖੜ੍ਹਾ ਨਹੀਂ ਕਰਨਾ ਚਾਹੁੰਦੇ। ਸ੍ਰੀ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨੌਂ ਦਸੰਬਰ ਦੇ ਹਰਿਆਣਾ ਦੌਰੇ ਦੌਰਾਨ ਕਿਸਾਨ ਕੋਈ ਰੁਕਾਵਟ ਖੜ੍ਹੀਂ ਨਹੀਂ ਕਰਨਗੇ। ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਜੰਤਰ-ਮੰਤਰ ਜਾਂ ਰਾਮ ਲੀਲਾ ਮੈਦਾਨ ਵਿੱਚ ਸੰਘਰਸ਼ ਵਿੱਢਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇ ਹਰਿਆਣਾ ਪੁਲੀਸ ਨੇ ਕੋਈ ਰੁਕਾਵਟ ਖੜ੍ਹੀ ਕੀਤੀ ਤਾਂ ਕਿਸਾਨ ਇਸ ਦਾ ਜਵਾਬ ਦੇਣਗੇ। ਇਸ ਮੌਕੇ ਅਮਰਜੀਤ ਸਿੰਘ ਮੌੜ੍ਹੀ, ਸਤਪਾਲ ਸਿੰਘ, ਬਲਕਾਰ ਸਿੰਘ ਬੈਂਸ, ਦਲਜਿੰਦਰ ਸਿੰਘ, ਸੁਖਚੈਨ ਸਿੰਘ, ਮਨਜੀਤ ਸਿੰਘ ਤੇ ਕੁਲਦੀਪ ਸਿੰਘ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਰਹੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਦੇ ਦਿੱਲੀ ਕੂਚ ਕਰਨ ਦੇ ਸੱਦੇ ’ਤੇ ਅੱਜ ਕੁਰੂਕਸ਼ੇਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ (ਕਿਸਾਨ) ਹਰਿਆਣਾ ਵਿੱਚ ਨਹੀਂ ਬਲਕਿ ਪੰਜਾਬ ’ਚ ਹੀ ਧਰਨਾ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਰਿਆਣਾ ਵਿੱਚ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨ ਕਾਂਗਰਸ ਦੇ ਰਾਜ ਵਾਲੇ ਸੂਬਿਆਂ ਵਿੱਚ ਧਰਨੇ ਦੇਣ। ਇਸ ਦੇ ਜਵਾਬ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਹਰਿਆਣਾ ਵਿੱਚ ਨਹੀਂ ਬਲਕਿ ਦਿੱਲੀ ਵਿੱਚ ਮੋਰਚਾ ਲਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਯਕੀਨਨ ਖ਼ਰੀਦ ਨਹੀਂ ਕੀਤੀ ਜਾ ਰਹੀ ਹੈ।