ਮੋਦੀ ਅਤੇ ਯੋਗੀ ਵੱਲੋਂ ਸ਼ਹੀਦੀ ਪੁਰਬ ਮੌਕੇ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਇੱਕ ਪੋਸਟ ’ਚ ਕਿਹਾ, ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅਸੀਂ ਨਿਆਂ, ਬਰਾਬਰੀ ਤੇ ਮਨੁੱਖਤਾ ਦੀ ਰਾਖੀ ਲਈ ਵਿਲੱਖਣ ਹੌਸਲੇ ਤੇ ਬਲੀਦਾਨ ਨੂੰ ਯਾਦ ਕਰਦੇ ਹਾਂ।’ ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਯਾਹੀਆਗੰਜ ’ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਉਸ ਸਮੇਂ ਕਸ਼ਮੀਰ ਨੂੰ ਬਚਾਇਆ ਜਦੋਂ ਉੱਥੋਂ ਦੇ ਸਨਾਤਨ ਧਰਮ ਦੇ ਪੈਰੋਕਾਰਾਂ ਨੂੰ ਵਿਦੇਸ਼ੀ ਹਮਲਾਵਰਾਂ ਨੇ ਧਰਮ ਤਬਦੀਲੀ ਦਾ ਹੁਕਮ ਦਿੱਤਾ ਸੀ।