ਅਮਰੀਕਾ ਵਿੱਚ ਗੈਰਕਾਨੂੰਨੀ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣਗੇ ਟਰੰਪ

ਵਾਸ਼ਿੰਗਟਨ- ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਹੈ। ਇਹ ਖੁਲਾਸਾ ਉਨ੍ਹਾਂ ਨੇ ਐਨਬੀਸੀ ਨਿਊਜ਼ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਕੀਤਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਉਹ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਵੀ ਕਰਨਗੇ ਜਿਸ ਤਹਿਤ ਅਮਰੀਕਾ ਵਿੱਚ ਪੈਦਾ ਹੋਏ ਕਿਸੇ ਵੀ ਬੱਚੇ ਨੂੰ ਉਸ ਦੇ ਮਾਪਿਆਂ ਦੀ ਇਮੀਗ੍ਰੇਸ਼ਨ ਸਥਿਤੀ ਨੂੰ ਦੇਖੇ ਬਿਨਾਂ ਨਾਗਰਿਕਤਾ ਮਿਲਦੀ ਹੈ। ਇਸ ਨੀਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਇਸ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ (78) ਨੇ ਹਾਲ ਹੀ ਵਿਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤੀ ਹੈ ਤੇ ਉਨ੍ਹਾਂ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ। ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨਗੇ। ਉਹ ਮੁਲਕ ਦੇ 47ਵੇਂ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਸਹੁੰ ਚੁੱਕਣਗੇ।