ਚੰਡੀਗੜ੍ਹ-ਪੰਜਾਬ ਯੂਥ ਕਾਂਗਰਸ ਨੇ ਅੱਜ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰ ਚੰਡੀਗੜ੍ਹ ਦੇ ਸੈਕਟਰ-15 ’ਚ ਸਥਿਤ ਕਾਂਗਰਸ ਭਵਨ ਵਿੱਚ ਇਕੱਠੇ ਹੋਏ। ਯੂਥ ਕਾਂਗਰਸ ਦੇ ਵਰਕਰਾਂ ਨੇ ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਦੇ ਮੁੱਦੇ ’ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ‘ਨਸ਼ਾ ਨਹੀਂ, ਨੌਕਰੀ ਦੇਵੋ’ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ, ਜਿਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ’ਤੇ ਹੀ ਰੋਕ ਲਿਆ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਮਾਮੂਲੀ ਝੜਪ ਹੋਈ ਤੇ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਥਾਣਾ ਸੈਕਟਰ-39 ਵਿੱਚ ਲਿਜਾਇਆ ਗਿਆ ਜਿੱਥੋਂ ਸ਼ਾਮ ਸਮੇਂ ਛੱਡਿਆ ਗਿਆ।
ਇਸ ਦੌਰਾਨ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਲਗਾਤਾਰ ਹੋ ਰਿਹਾ ਹੈ। ਇਸ ਕਰ ਕੇ ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਕਰ ਕੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਲਗਾਤਾਰ ਵਿਗੜਦੀ ਜਾ ਰਹੀ ਹੈ। ਗੈਂਗਸਟਰ ਸ਼ਰ੍ਹੇਆਮ ਫਿਰੌਤੀਆਂ ਮੰਗ ਰਹੇ ਹਨ। ਅਜਿਹੇ ਮਾਹੌਲ ਵਿੱਚ ਲੋਕਾਂ ਨੂੰ ਆਪਣਾ ਰੁਜ਼ਗਾਰ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਇਸੇ ਦੌਰਾਨ ਸ੍ਰੀ ਚਿੱਬ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ‘ਆਪ’ ਤੇ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਹਰਿਆਣਾ ਪੁਲੀਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੀਤੀ ਹਿੰਸਾ ਦੀ ਨਿਖੇਧੀ ਕੀਤੀ। ਉਨ੍ਹਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗੌਤਮ ਅਡਾਨੀ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਨਸ਼ਿਆਂ ’ਤੇ ਕਾਬੂ ਪਾਉਣ ਅਤੇ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਦੇਣ ਦਾ ਵਾਅਦਾ ਕਰਨ ’ਚ ਨਾਕਾਮ ਰਹਿਣ ’ਤੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਵਾਲੇ ਹਨ। ਇਹ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਮਰ ਰਹੇ ਹਨ, ਪੁਲੀਸ ਪ੍ਰਸ਼ਾਸਨ ਨਸ਼ਿਆਂ ’ਤੇ ਕਾਬੂ ਪਾਉਣ ਤੋਂ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨੌਕਰੀਆਂ ਚਾਹੁੰਦੇ ਹਨ, ਪਰ ‘ਆਪ’ ਸਰਕਾਰ ਉਨ੍ਹਾਂ ਨੂੰ ਕਥਿਤ ਨਸ਼ਾ ਸਪਲਾਈ ਕਰ ਰਹੀ ਹੈ। ਪਿੰਡਾਂ ਅਤੇ ਕਸਬਿਆਂ ਵਿੱਚ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਸ਼ਾ ਨਹੀਂ ਵੇਚਿਆ ਜਾ ਸਕਦਾ।