Punjab

ਨਾਜਾਇਜ਼ ਖਣਨ ਖ਼ਿਲਾਫ਼ ਹਰ ਸਮੇਂ ਚੌਕਸੀ ਵਰਤੀ ਜਾਵੇ: ਗੋਇਲ

ਚੰਡੀਗੜ੍ਹ-ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਨਾਜਾਇਜ਼ ਢੰਗ ਨਾਲ ਚੱਲ ਰਹੀ ਖਣਨ ਵਿਰੁੱਧ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਚੰਡੀਗੜ੍ਹ ਦੇ ਮਗਸੀਪਾ ਵਿੱਚ ਵਰਕਸ਼ਾਪ ਦੌਰਾਨ ਅਧਿਕਾਰੀਆਂ ਨੂੰ ਨਾਜਾਇਜ਼ ਖਣਨ ਗਤੀਵਿਧੀਆਂ ਵਿਰੁੱਧ 24 ਘੰਟੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਖਣਨ ਅਧਿਕਾਰੀਆਂ ਤੇ ਖੇਤਰੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੂਬੇ ਵਿੱਚ ਨਾਜਾਇਜ਼ ਖਣਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ੍ਰੀ ਗੋਇਲ ਨੇ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਬੇੜੇ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਦੇ ਮੋਬਾਈਲ ਫੋਨ ਦਿਨ-ਰਾਤ ਚੱਲਦੇ ਰਹਿਣੇ ਚਾਹੀਦੇ ਹਨ। ਜੇ ਕਿਸੇ ਵੀ ਅਧਿਕਾਰੀ ਦਾ ਮੋਬਾਈਲ ਫੋਨ ਬੰਦ ਪਾਇਆ ਗਿਆ ਤਾਂ ਉਸ ’ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਜ਼ਮੀਨ ਮਾਲਕ ਹੁਣ ਵਾਤਾਵਰਨ ਸਬੰਧੀ ਪ੍ਰਵਾਨਗੀਆਂ ਲਈ ਸਿੱਧੇ ਐੱਸਈਆਈਏਏ ਨੂੰ ਅਰਜ਼ੀ ਦੇ ਸਕਦੇ ਹਨ। ਇਸ ਪ੍ਰਕਿਰਿਆ ਅਧੀਨ ਇਹ ਲਾਜ਼ਮੀ ਹੈ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਰੀਆਂ ਅਰਜ਼ੀਆਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨਾ ਯਕੀਨੀ ਬਣਾਇਆ ਜਾਵੇ।