Punjab

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਮਜੀਠੀਆ ਦੀ ਅੱਜ ਹੋਵੇਗੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ

 ਐੱਸਏਐੱਸ ਨਗਰ – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 14 ਅਗਸਤ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਹੋਇਆ ਹੈ। ਬੁੱਧਵਾਰ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ, ਜਿਸ ’ਤੇ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ ਵੀਰਵਾਰ ਦੀ ਤੈਅ ਕੀਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਵਿਜੀਲੈਂਸ ਬਿਊਰੋ ਵੱਲੋਂ 11 ਦਿਨਾਂ ਦੀ ਲੰਬੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਕੋਲੋਂ ਕੁਝ ਵੀ ਬਰਾਮਦ ਨਹੀਂ ਕੀਤਾ ਜਾਣਾ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜੇਲ੍ਹ ਵਿੱਚ ਰੱਖਣਾ ਉਚਿਤ ਨਹੀਂ ਹੈ ਅਤੇ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਸਿਰਫ਼ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਹੈ। ਵਕੀਲਾਂ ਨੇ ਇਹ ਵੀ ਕਿਹਾ ਕਿ ਜਿਸ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਰਿਪੋਰਟ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ, ਉਸ ਰਿਪੋਰਟ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ।