Punjab

ਸਰਕਾਰ ਦੀ ਨਲਾਇਕੀ ਕਾਰਨ ਖੇਤੀਬਾੜੀ ਵਿਭਾਗ ਦੀਆਂ 1100 ਅਸਾਮੀਆਂ ਖ਼ਾਲੀ, ਸੁਖਬੀਰ ਬਾਦਲ ਨੇ ਆਪ ‘ਤੇ ਲਾਏ ਦੋਸ਼

ਲੁਧਿਆਣਾ – ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਨਲਾਇਕੀ ਕਰ ਕੇ ਸੂਬੇ ’ਚ ਖੇਤੀਬਾੜੀ ਵਿਭਾਗ ਦੀਆਂ 1100 ਅਸਾਮੀਆਂ ਖ਼ਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਹ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਇਸ ਦੇ ਸਾਰੇ ਕੈਬਨਿਟ ਮੰਤਰੀ ਦਰਸ਼ਨੀ ਘੋੜੇ ਹਨ, ਇਸੇ ਕਰ ਕੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕਿਸੇ ਵੀ ਧਿਰ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦਾ ਰਾਜ ਅਰਵਿੰਦ ਕੇਜਰੀਵਾਲ ਆਪਣੇ ਚਹੇਤੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਚੌਹਾਨ ਰਾਹੀਂ ਕਰ ਰਹੇ ਹਨ। ਇਹਨਾਂ ਦੋਵਾਂ ਨੇ ਪੰਜਾਬ ਸਰਕਾਰ ਦੇ ਵਿਭਾਗ ਵੰਡੇ ਹੋਏ ਹਨ।

ਸੁਖਬੀਰ ਨੇ ਪੰਜਾਬ ਵਿੱਚ ਉੱਚ ਤਕਨੀਕੀ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਅਤੇ ਕਣਕ-ਝੋਨੇ ਦੇ ਚੱਕਰ ਤੋਂ ਦੂਰ ਜਾਣ ਦੀ ਤੁਰੰਤ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਪੰਜਾਬ ਵਿੱਚ ਖੇਤੀਬਾੜੀ ਦੇ ਬਦਲਾਅ ਵਿੱਚ ਪੜ੍ਹੇ-ਲਿਖੇ ਖੇਤੀਬਾੜੀ ਟੈਕਨੋਕਰੇਟਸ ਦੀ ਮਹੱਤਵਪੂਰਨ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਸਰਕਾਰ ਲਈ ਖੇਤੀਬਾੜੀ ਪ੍ਰਮੁੱਖ ਤਰਜੀਹ ਹੋਵੇਗੀ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਖੇਤੀਬਾੜੀ ਵਿਭਾਗ ਦੀਆਂ ਅਸਾਮੀਆਂ ਭਰੀਆਂ ਜਾਣ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਖੇਤੀਬਾੜੀ ਪੜ੍ਹਾਉਣ ਲਈ ਅਧਿਆਪਕਾਂ ਦੀ ਭਰਤੀ ਕਰੇਗੀ। ਉਨ੍ਹਾਂ ਕਿਹਾ ਕਿ ਇਹ ਤੀਜੀ ਵਾਰ ਹੈ ਜਦੋਂ ਪੀਏਯੂ ਦੇ ਖੇਤੀਬਾੜੀ ਵਿਦਿਆਰਥੀ ਆਪਣੀਆਂ ਮੰਗਾਂ ਮਨਵਾਉਣ ਲਈ ਧਰਨਾ ਦੇ ਰਹੇ ਹਨ ਪਰ ‘ਆਪ’ ਸਰਕਾਰ ਨੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਇੱਕ ਵੀ ਮੰਗ ਨਹੀਂ ਮੰਨੀ।