ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ
ਵਾਸ਼ਿੰਗਟਨ-ਟਰੰਪ ਪ੍ਰਸ਼ਾਸਨ ਨੇ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਰਜਿਸਟਰੇਸ਼ਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਮਰੀਕੀ ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਲੋਕ ਖੁਦ ਅੱਗੇ ਨਹੀਂ ਆਉਣਗੇ, ਉਨ੍ਹਾਂ ਨੂੰ ਜੁਰਮਾਨਾ ਜਾਂ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੋਮਲੈਂਡ ਸਕਿਊਰਿਟੀ ਵਿਭਾਗ ਨੇ ਇਕ ਬਿਆਨ ’ਚ ਕਿਹਾ, ‘‘ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਹਰੇਕ ਵਿਅਕਤੀ ਨੂੰ ਰਜਿਸਟਰੇਸ਼ਨ ਕਰਵਾ ਕੇ ਫਿੰਗਰਪ੍ਰਿੰਟ ਅਤੇ ਆਪਣਾ ਪਤਾ ਦੇਣਾ ਹੋਵੇਗਾ।’’ ਉਨ੍ਹਾਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਜਾਇਜ਼ ਠਹਿਰਾਉਂਦਿਆਂ ਗੁੰਝਲਦਾਰ ਇਮੀਗਰੇਸ਼ਨ ਅਤੇ ਕੌਮੀਅਤ ਐਕਟ ਦੀ ਇਕ ਧਾਰਾ ਦਾ ਹਵਾਲਾ ਦਿੱਤਾ ਜੋ 14 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ’ਤੇ ਲਾਗੂ ਹੋਵੇਗੀ। ਇਹ ਐਲਾਨ ਅਜਿਹੇ ਸਮੇਂ ਹੋਇਆ ਹੈ ਜਦੋਂ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੱਡੇ ਪੱਧਰ ’ਤੇ ਅਮਰੀਕਾ ’ਚੋਂ ਕੱਢਿਆ ਜਾ ਰਿਹਾ ਹੈ। ਬਿਆਨ ’ਚ ਕਿਹਾ ਗਿਆ, ‘‘ਕਿਸੇ ਵਿਦੇਸ਼ੀ ਵੱਲੋਂ ਰਜਿਸਟਰੇਸ਼ਨ ਨਾ ਕਰਾਉਣਾ ਜੁਰਮ ਹੋਵੇਗਾ ਜਿਸ ਦੇ ਨਤੀਜੇ ਵਜੋਂ ਜੁਰਮਾਨਾ, ਜੇਲ੍ਹ ਜਾਂ ਦੋਵੇਂ ਹੀ ਹੋ ਸਕਦੇ ਹਨ। ਕਈ ਦਹਾਕਿਆਂ ਤੱਕ ਇਸ ਕਾਨੂੰਨ ਨੂੰ ਅਣਗੌਲਿਆ ਕੀਤਾ ਗਿਆ ਪਰ ਹੁਣ ਇੰਜ ਨਹੀਂ ਹੋਵੇਗਾ।’’ ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸੇਵਾ ਨੇ ਆਪਣੀ ਵੈੱਬਸਾਈਟ ’ਤੇ ਕਿਹਾ ਕਿ ਉਹ ਛੇਤੀ ਹੀ ਰਜਿਸਟਰੇਸ਼ਨ ਲਈ ਫਾਰਮ ਅਤੇ ਪ੍ਰਕਿਰਿਆ ਤਿਆਰ ਕਰਨਗੇ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਮੁਲਕ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਕਿੰਨੇ ਕੁ ਵਿਅਕਤੀ ਆਪਣੀ ਇੱਛਾ ਨਾਲ ਅੱਗੇ ਆਉਣਗੇ। ਇਮੀਗਰੇਸ਼ਨ ਨਾਲ ਸਬੰਧਤ ਜਥੇਬੰਦੀ ਨੈਸ਼ਨਲ ਇਮੀਗਰੇਸ਼ਨ ਲਾਅ ਸੈਂਟਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਨਜ਼ਦੀਕੀ ਪੋਸਟ ਆਫਿਸ ’ਚ ਜਾ ਕੇ ਰਜਿਸਟਰੇਸ਼ਨ ਕਰਾਉਣੀ ਪਵੇਗੀ ਅਤੇ ਇਸ ਦਾ ਉਦੇਸ਼ ਸੰਭਾਵੀ ਸੁਰੱਖਿਆ ਖ਼ਤਰੇ ਦੀ ਸ਼ਨਾਖ਼ਤ ਕਰਨਾ ਹੋ ਸਕਦਾ ਹੈ। ਉਂਜ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਟਰੰਪ ਪ੍ਰਸ਼ਾਸਨ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਮਕਸਦ ਗ਼ੈਰ-ਨਾਗਰਿਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣਾ ਵੀ ਹੋ ਸਕਦਾ ਹੈ।
