Punjab

ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ

ਚੰਡੀਗੜ੍ਹ-  ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਣ ਤੋਂ ਰੋਕਣ ਲਈ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਹੈ। ਜਿੱਥੇ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਦੀ ਸਰਹੱਦ ਤੇ ਵੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਦੇ ਕਰੀਬ 2000 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੀਆਂ 12 ਪ੍ਰਮੁੱਖ ਸੜਕਾਂ ਤੇ ਚੌਕਸੀ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਦਿਨ ਬੁੱਧਵਾਰ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3 ਮਾਰਚ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਵੀ ਸੱਦੀ ਸੀ, ਪਰ ਉਹ ਮੀਟਿੰਗ ਬੇਸਿੱਟਾ ਰਹੀ ਸੀ।