ਕਿਸਾਨਾਂ ਦਾ ਚੰਡੀਗੜ੍ਹ ਮੋਰਚਾ ਨਾਕਾਮ
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦੇ ਕੀਤੇ ਐਲਾਨ ਨੂੰ ਪੰਜਾਬ ਸਰਕਾਰ ਨੇ ਅਸਫ਼ਲ ਬਣਾ ਦਿੱਤਾ ਹੈ। ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਤੋਂ ਰੋਕਣ ਲਈ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ। ਪੁਲੀਸ ਨੇ ਸੜਕਾਂ ’ਤੇ ਟਿੱਪਰ ਅਤੇ ਜਲ ਤੋਪਾਂ ਲਗਾ ਕੇ ਆਵਾਜਾਈ ਠੱਪ ਕੀਤੀ ਤਾਂ ਜੋ ਕਿਸਾਨਾਂ ਨੂੰ ਚੰਡੀਗੜ੍ਹ ’ਚ ਦਾਖ਼ਲ ਹੋਣ ਤੋਂ ਰੋਕਿਆ ਜਾ ਸਕੇ। ਸੂਬੇ ਦੀਆਂ ਅੰਦਰੂਨੀ ਅਤੇ ਮੁੱਖ ਸੜਕਾਂ ’ਤੇ ਬੈਰੀਕੇਡਿੰਗ ਕਰ ਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ 3 ਮਾਰਚ ਨੂੰ ਹੋਈ ਮੀਟਿੰਗ ਦੇ ਬੇਸਿੱਟਾ ਰਹਿਣ ਮਗਰੋਂ ਹੀ ਪੰਜਾਬ ਪੁਲੀਸ ਨੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਦੇ ਸੱਦੇ ਨੂੰ ਫੇਲ੍ਹ ਕਰਨ ਲਈ ਤਿਆਰੀ ਵਿੱਢ ਦਿੱਤੀ ਸੀ। ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਅੱਜ ਵੀ ਸੈਂਕੜੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਆਪਣੇ ਮਿੱਥੇ ਪ੍ਰੋਗਰਾਮ ਤਹਿਤ ਅੱਜ ਸਵੇਰੇ ਆਪੋ-ਆਪਣੇ ਇਲਾਕਿਆਂ ਤੋਂ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਕਾਫ਼ਲਿਆਂ ਵਿੱਚ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਦਿੱਤਾ। ਪੁਲੀਸ ਵੱਲੋਂ ਰੋਕੇ ਜਾਣ ’ਤੇ ਕਿਸਾਨਾਂ ਨੇ ਉਸੇ ਥਾਂ ’ਤੇ ਰੋਸ ਮੁਜ਼ਾਹਰੇ ਸ਼ੁਰੂ ਕਰ ਦਿੱਤੇ। ਕਿਸਾਨਾਂ ਵੱਲੋਂ ਡੇਢ ਦਰਜਨ ਥਾਵਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਘਰਾਚੋਂ ਤੋਂ ਹਿਰਾਸਤ ਵਿੱਚ ਲਿਆ ਗਿਆ। ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਵੀ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਦੇ ਵਿਰੋਧ ਕਾਰਨ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਕੁਝ ਕਿਸਾਨ ਆਗੂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣ ਵਿੱਚ ਕਾਮਯਾਬ ਰਹੇ ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਗਏ ਪਰ ਉਹ ਪੁਲੀਸ ਦੇ ਹੱਥ ਨਾ ਲੱਗੇ। ਚੰਡੀਗੜ੍ਹ ਪੁਲੀਸ ਨੇ ਵੀ ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਮੁਹਾਲੀ ਦੇ ਨਾਲ ਲਗਦੀਆਂ ਸ਼ਹਿਰ ਦੀਆਂ ਇਕ ਦਰਜਨ ਤੋਂ ਵੱਧ ਮੁੱਖ ਸੜਕਾਂ ਨੂੰ ਸੀਲ ਕਰ ਦਿੱਤਾ ਸੀ। ਪੁਲੀਸ ਵੱਲੋਂ ਇਨ੍ਹਾਂ ਸੜਕਾਂ ਤੋਂ ਚੈਕਿੰਗ ਤੋਂ ਬਾਅਦ ਹੀ ਲੋਕਾਂ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਸੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹੁਣ ਪੰਜਾਬ ਵਿੱਚ ਡੇਢ ਦਰਜਨ ਦੇ ਕਰੀਬ ਥਾਵਾਂ ’ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਵਿੱਚ ਬਰਨਾਲਾ ਜ਼ਿਲ੍ਹੇ ’ਚ ਬਡਬਰ ਟੌਲ ਪਲਾਜ਼ਾ, ਬਠਿੰਡਾ ’ਚ ਜੇਠੂਕੇ ਨਾਕਾ, ਮਾਨਸਾ ’ਚ ਢੈਪਈ ਪਿੰਡ ਵਿਖੇ, ਸੰਗਰੂਰ ’ਚ ਭਵਾਨੀਗੜ੍ਹ, ਪਟਿਆਲਾ ’ਚ ਢੈਂਠਲ, ਮਾਲੇਰਕੋਟਲਾ ’ਚ ਅਮਰਗੜ੍ਹ, ਫ਼ਤਹਿਗੜ੍ਹ ਸਾਹਿਬ ’ਚ ਚੁੰਨੀ, ਗੁਰਦੁਆਰਾ ਫਤਿਹਗੜ੍ਹ ਸਾਹਿਬ, ਲੁਧਿਆਣਾ ’ਚ ਰਾਏਕੋਟ, ਫਰੀਦਕੋਟ ’ਚ ਡੋਡ-ਬਾਜਾਖਾਨਾ ਰੋਡ ’ਤੇ, ਜਲੰਧਰ ’ਚ ਫਿਲੌਰ-ਨਕੋਦਰ ਰੋਡ, ਨਵਾਂਸ਼ਹਿਰ ’ਚ ਪਿੰਡ ਗੜ੍ਹੀ, ਬਿਆਸ, ਅੰਮ੍ਰਿਤਸਰ ’ਚ ਗੁਰਦੁਆਰਾ ਮੋਰਚਾ ਸਾਹਿਬ ਥਾਵਾਂ ਸ਼ਾਮਲ ਹਨ। ਇਨ੍ਹਾਂ ਥਾਵਾਂ ’ਤੇ ਕਿਸਾਨ ਵੱਡੀ ਗਿਣਤੀ ਵਿੱਚ ਟਰਾਲੀਆਂ ਅਤੇ ਰਾਸ਼ਨ-ਪਾਣੀ ਲੈ ਕੇ ਪਹੁੰਚ ਚੁੱਕੇ ਹਨ। ਕਿਸਾਨਾਂ ਵੱਲੋਂ 8 ਮਾਰਚ ਨੂੰ ਹੋਰ ਵੱਡੇ ਕਾਫ਼ਲੇ ’ਚ ਪਹੁੰਚਣ ਦਾ ਐਲਾਨ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਆਗੂਆਂ ਨੇ ਅੱਜ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਰਵੱਈਏ ਦੀ ਨਿਖੇਧੀ ਕੀਤੀ ਹੈ। ਮੋਰਚੇ ਦੇ ਆਗੂ ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਡਾ. ਸਤਨਾਮ ਸਿੰਘ ਅਜਨਾਲਾ, ਰਮਿੰਦਰ ਸਿੰਘ ਪਟਿਆਲਾ, ਝੰਡਾ ਸਿੰਘ ਜੇਠੂਕੇ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਮਲੂਕ ਸਿੰਘ ਹੀਰਕੇ, ਮਨਜੀਤ ਸਿੰਘ ਧਨੇਰ, ਕੁਲਦੀਪ ਸਿੰਘ ਵਜੀਦਪੁਰ, ਕਿਰਨਜੀਤ ਸਿੰਘ ਸੇਖੋਂ, ਪ੍ਰੇਮ ਸਿੰਘ ਭੰਗੂ ਤੇ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਨਾ ਤਾਂ ਕੌਮੀ ਰਾਜਧਾਨੀ ਵਿੱਚ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਸੂਬਾਈ ਰਾਜਧਾਨੀ ਵਿੱਚ ਧਰਨਾ ਦੇਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਕਿਸਾਨਾਂ ਨੂੰ ਕੁਚਲ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਹਿਰਾਸਤ ’ਚ ਲਏ ਕਿਸਾਨਾਂ ਨੂੰ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਜਦੋਂ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰਿਹਾਅ ਨਹੀਂ ਕਰਦੀ, ਉਦੋਂ ਤੱਕ ਮੁਜ਼ਾਹਰੇ ਜਾਰੀ ਰਹਿਣਗੇ।
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਫੜੇ ਕਿਸਾਨਾਂ ਨੂੰ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਰਮਿੰਦਰ ਪਟਿਆਲਾ ਨੇ ਕਿਹਾ ਕਿ ਪੁਲੀਸ ਵੱਲੋਂ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਤੋਂ ਬਾਅਦ ਸੰਘਰਸ਼ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਐੱਸਕੇਐੱਮ ਆਗੂਆਂ ਨੇ 7 ਮਾਰਚ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿੱਚ ਐਮਰਜੈਂਸੀ ਮੀਟਿੰਗ ਸੱਦ ਲਈ ਹੈ।
ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵੱਲੋਂ ਐੱਸਕੇਐੱਮ ਆਗੂਆਂ ਨੂੰ ਹਿਰਾਸਤ ’ਚ ਲੈਣ ਅਤੇ ਕਿਸਾਨਾਂ ਦੇ ਧਰਨਾ-ਪ੍ਰਦਰਸ਼ਨ ਕਰਨ ਦੇ ਜਮਹੂਰੀ ਅਧਿਕਾਰ ਨੂੰ ਦੱਬਣ ਲਈ ਕੀਤੇ ਜਬਰ, ਅਨਿਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਸੂਬੇ ਦੇ 18 ਜ਼ਿਲ੍ਹਿਆਂ ਵਿੱਚ 108 ਥਾਵਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਪੁਲੀਸ ਵੱਲੋਂ ਅੱਧੀ ਰਾਤ ਨੂੰ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰ ਕੇ ਅਤੇ ਉਨ੍ਹਾਂ ਹਿਰਾਸਤ ’ਚ ਲੈ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਐੱਸਕੇਐੱਮ ਦੇ ਆਗੂਆਂ ਅਤੇ ਸਰਕਾਰ ਵਿਚਾਲੇ ਹੋਈ ਗੱਲਬਾਤ ਮਗਰੋਂ ਫੜੇ ਕਿਸਾਨ ਆਗੂਆਂ ਨੂੰ ਅੱਜ ਹੀ ਰਿਹਾਅ ਕਰ ਦਿੱਤਾ ਗਿਆ। ਉਂਜ ਜੇਲ੍ਹਾਂ ’ਚ ਡੱਕੇ ਕਿਸਾਨ ਆਗੂਆਂ ਨੂੰ 6 ਮਾਰਚ ਨੂੰ ਛੱਡਣ ਦੀ ਗੱਲ ਆਖੀ ਗਈ ਹੈ, ਜਿਸ ’ਤੇ ਕੁਝ ਆਗੂ ਸਹਿਮਤ ਵੀ ਹੋ ਗਏ ਸਨ ਪਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕੁਝ ਹੋਰ ਆਗੂ ਬਾਕੀ ਕਿਸਾਨਾਂ ਦੀ ਅੱਜ ਹੀ ਰਿਹਾਈ ਯਕੀਨੀ ਬਣਾਉਣ ’ਤੇ ਅੜ ਗਏ ਸਨ ਜਿਸ ਮਗਰੋਂ ਸਰਕਾਰ ਨੂੰ ਕਿਸਾਨ ਆਗੂ ਅੱਜ ਹੀ ਛੱਡਣ ਲਈ ਮਜਬੂਰ ਹੋਣਾ ਪਿਆ। ਪਟਿਆਲਾ ਜੇਲ੍ਹ ’ਚ ਬੰਦ 24 ਆਗੂਆਂ ਵਿਚੋਂ ਬਹੁਤਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਾਕੀਆਂ ਦੀ ਰਿਹਾਈ ਜਾਰੀ ਹੈ। ਇਸ ਦੀ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਇਹ ਰਿਹਾਈ ਸਬੰਧਤ ਐੱਸਡੀਐੱਮਜ਼ ਤੋਂ ਮਿਲੀਆਂ ਜ਼ਮਾਨਤਾਂ ਦੇ ਆਧਾਰ ’ਤੇ ਹੀ ਕੀਤੀਆਂ ਗਈਆਂ ਹਨ। ਇਸ ਮਗਰੋਂ ਕਿਸਾਨਾਂ ਨੇ ਭਵਾਨੀਗੜ੍ਹ ਰੋਡ ’ਤੇ ਮਹਿਮਦਪੁਰ ਮੰਡੀ ’ਚ ਧਰਨਾ ਚੁੱਕ ਲਿਆ ਹੈ। ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇਥੇ ਭਵਾਨੀਗੜ੍ਹ ਰੋਡ ’ਤੇ ਸਥਿਤ ਪਟਿਆਲਾ ਬਲਾਕ ਦੀ ਮਹਿਮਦਪੁਰ ਮੰਡੀ ’ਚ ਧਰਨਾ ਲਗਾਇਆ ਗਿਆ ਸੀ। ਧਰਨਾ ਚੁਕਵਾਉਣ ਲਈ ਪੁੱਜੇ ਡੀਆਈਜੀ ਮਨਦੀਪ ਸਿੱਧੂ ਨੇ ਉਗਰਾਹਾਂ ਨੂੰ ਐੱਸਕੇਐੱਮ ਦੇ ਕਿਸਾਨ ਆਗੂ ਦੀ ਉਹ ਵੀਡੀਓ ਵੀ ਦਿਖਾਈ ਜਿਸ ’ਚ ਉਹ ਆਖ ਰਹੇ ਸਨ ਕਿ ਸਰਕਾਰ ਨਾਲ ਗੱਲਬਾਤ ਹੋ ਗਈ ਹੈ ਅਤੇ ਅੱਜ ਫੜੇ ਸਾਰੇ ਕਿਸਾਨ ਅੱਜ ਹੀ ਛੱਡ ਦਿੱਤੇ ਜਾਣਗੇ ਜਦਕਿ ਜੇਲ੍ਹਾਂ ’ਚ ਬੰਦ ਕਿਸਾਨ ਆਗੂਆਂ ਦੀ ਰਿਹਾਈ 6 ਮਾਰਚ ਨੂੰ ਹੋਵੇਗੀ। ਇਸ ’ਤੇ ਉਗਰਾਹਾਂ ਸਹਿਮਤ ਨਾ ਹੋਏ ਅਤੇ ਉਨ੍ਹਾਂ ਜੇਲ੍ਹਾਂ ’ਚ ਡੱਕੇ ਕਿਸਾਨਾਂ ਦੀ ਵੀ ਅੱਜ ਹੀ ਰਿਹਾਈ ਮੰਗੀ। ਉਨ੍ਹਾਂ ਐਲਾਨ ਕੀਤਾ ਕਿ ਜੇ ਅੱਜ ਰਿਹਾਈ ਨਹੀਂ ਹੁੰਦੀ ਹੈ ਤਾਂ ਉਹ ਇਹ ਧਰਨਾ ਵੀ ਨਹੀਂ ਚੁੱਕਣਗੇ। ਹਾਲਾਂਕਿ ਕਿਸਾਨਾਂ ਨੂੰ ਸਬੰਧਤ ਐੱਸਡੀਐੱਮਜ਼ ਦੀਆਂ ਅਦਾਲਤਾਂ ਨੇ 6 ਮਾਰਚ ਤੱਕ ਹੀ ਜੇਲ੍ਹ ਭੇਜਿਆ ਸੀ। ਅਖੀਰ ਸਰਕਾਰ ਨੇ ਜੇਲ੍ਹਾਂ ’ਚ ਬੰਦ ਕਿਸਾਨਾਂ ਨੂੰ ਵੀ ਅੱਜ ਹੀ ਰਿਹਾਅ ਕਰਨ ਦਾ ਐਲਾਨ ਕਰ ਦਿੱਤਾ। ਉਧਰ ਸੰਪਰਕ ਕਰਨ ’ਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸਰਕਾਰ ਕੱਲ੍ਹ ਦੀ ਬਜਾਏ ਅੱਜ ਹੀ ਕਿਸਾਨਾਂ ਦੀ ਰਿਹਾਈ ਲਈ ਸਹਿਮਤ ਹੋ ਗਈ ਹੈ।