featuredPunjab

ਕੀਰਤਪੁਰ ਸਾਹਿਬ ’ਚ ਹੋਲਾ-ਮਹੱਲਾ ਸ਼ੁਰੂ

ਸ੍ਰੀ ਕੀਰਤਪੁਰ ਸਾਹਿਬ -ਹੋਲੇ ਮਹੱਲੇ ਦਾ ਪਹਿਲਾ ਪੜਾਅ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਨਾਲ ਸ਼ੁਰੂ ਹੋ ਗਿਆ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਹੋਲਾ-ਮਹੱਲਾ ਮੇਲੇ ਦਾ ਪਹਿਲਾ ਪੜਾਅ 10 ਤੋਂ 12 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਵੇਗਾ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਆਰੰਭ ਹੋਏ ਅਖੰਡ ਪਾਠ ਦੀ ਸੰਪੂਰਨਤਾ ਦੇ ਭੋਗ 12 ਮਾਰਚ ਨੂੰ ਪਾਏ ਜਾਣਗੇ, 13 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਆਰੰਭ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੇਲੇ ਦਾ ਦੂਸਰਾ ਪੜਾਅ ਸ਼ੁਰੂ ਹੋਵੇਗਾ ਜੋ 15 ਮਾਰਚ ਤੱਕ ਚੱਲੇਗਾ। ਇਸ ਮੌਕੇ ਉਨ੍ਹਾਂ ਹੋਲਾ-ਮਹੱਲੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਨੌਜਵਾਨਾਂ ਨੂੰ ਇਸ ਮੌਕੇ ਸਟੰਟ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਵਾਂਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਲਾ ਖੇਤਰ ਦੇ 20 ਕਿਲੋਮੀਟਰ ਘੇਰੇ ਦੇ ਅੰਦਰ ਸੰਗਤ ਦਾ ਬੀਮਾ ਕਰਵਾਇਆ ਹੋਇਆ ਹੈ ਅਤੇ ਜੇ ਸੰਗਤ ਨਾਲ ਕੋਈ ਹਾਦਸਾ ਹੁੰਦਾ ਹੈ ਤਾਂ ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ।