ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਵੱਲੋਂ 578 ਥਾਵਾਂ ’ਤੇ ਛਾਪੇ
ਚੰਡੀਗੜ੍ਹ-ਪੰਜਾਬ ਪੁਲੀਸ ਨੇ ਸੂਬੇ ਵਿੱਚ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਲਗਾਤਾਰ 13ਵੇਂ ਦਿਨ ਸੂਬੇ ਵਿੱਚ 578 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।
ਪੁਲੀਸ ਨੇ ਨਸ਼ਾ ਤਸਕਰਾਂ ਤੋਂ 2.8 ਕਿਲੋ ਹੈਰੋਇਨ, 7.9 ਕਿਲੋ ਭੁੱਕੀ, 4960 ਨਸ਼ੇ ਦੀਆਂ ਗੋਲੀਆਂ, ਟੀਕੇ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁਲੀਸ ਨੇ 95 ਕੇਸ ਦਰਜ ਕੀਤੇ ਹਨ। ਇਸ ਤਰ੍ਹਾਂ ਪੁਲੀਸ ਨੇ 13 ਦਿਨਾਂ ਵਿੱਚ ਕੁੱਲ 1821 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੂਬੇ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਇੱਕੋ ਸਮੇਂ 2400 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 270 ਤੋਂ ਵੱਧ ਪੁਲੀਸ ਟੀਮਾਂ ਨੇ ਸੂਬੇ ਭਰ ਵਿੱਚ 578 ਥਾਵਾਂ ’ਤੇ ਛਾਪੇ ਮਾਰੇ। ਇਸ ਅਪਰੇਸ਼ਨ ਦੌਰਾਨ ਪੁਲੀਸ ਨੇ 917 ਮਸਕੂਕਾਂ ਦੀ ਤਲਾਸ਼ੀ ਲਈ ਤੇ 147 ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੁਲੀਸ ਨੇ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਰਾਜ਼ੀ ਕੀਤਾ ਅਤੇ ਉਨ੍ਹਾਂ ਨੂੰ ਇਸ ਸਬੰਧੀ ਇਲਾਜ ਦੇਣ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਬਾ ਭਰ ਵਿੱਚ 158 ਜਾਗਰੂਕਤਾ ਸਮਾਗਮਾਂ ਵਿੱਚ ਪੁਲੀਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।