ਅੱਠ ਕਿੱਲੋ ਤੋਂ ਵੱਧ ਹੈਰੋਇਨ ਤੇ ਅਸਲਾ ਬਰਾਮਦ
ਅੰਮ੍ਰਿਤਸਰ-ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਅੱਠ ਕਿੱਲੋ ਅੱਠ ਗ੍ਰਾਮ ਹੈਰੋਇਨ, ਪਿਸਤੌਲ ਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਵਾਸੀ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਉਸ ਕੋਲੋ ਹੈਰੋਇਨ ਤੇ ਅਸਲੇ ਤੋਂ ਇਲਾਵਾ ਕਾਰ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਵਰਤੋਂ ਨਸ਼ੇ ਦੀਆਂ ਖੇਪਾਂ ਪਹੁੰਚਾਉਣ ਲਈ ਕੀਤੀ ਜਾ ਰਹੀ ਸੀ।
ਡੀਜੀਪੀ ਗੌਰਵ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਅਜਨਾਲਾ ਖੇਤਰ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਪੁਲੀਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਮੁਲਜ਼ਮ ਧਰਮਿੰਦਰ ਉਰਫ਼ ਸੋਨੂੰ ਨੂੰ ਮੈਂਟਲ ਹਸਪਤਾਲ ਅੰਮ੍ਰਿਤਸਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।
ਪੁਲੀਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ। ਜਦਕਿ ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਇਸ ਸਬੰਧੀ ਥਾਣਾ ਮਜੀਠਾ ਰੋਡ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 21(ਸੀ) ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।
