ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਵੱਲੋਂ ਵੱਡੀਆਂ ਮੱਛੀਆਂ ’ਤੇ ਕਾਰਵਾਈ ਦੀ ਤਿਆਰੀ
ਚੰਡੀਗੜ੍ਹ-ਪੰਜਾਬ ਪੁਲੀਸ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਕਾਰਵਾਈ ਕਰਦਿਆਂ ਗਲੀਆਂ-ਮੁਹੱਲਿਆਂ ’ਚ ਹੋਣ ਵਾਲੀ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਬਾਅਦ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ਲਈ ਤਿਆਰੀ ਖਿੱਚ ਲਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗਲੀਆਂ-ਮੁਹੱਲਿਆਂ ਵਿੱਚ ਨਸ਼ਾ ਵੇਚਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛ ਪੜਤਾਲ ਦੇ ਆਧਾਰ ’ਤੇ ਵੱਡੀਆਂ ਮੱਛੀਆਂ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੱਤ ਦਿਨਾਂ ਦੇ ਅੰਦਰ ਮੁੱਖ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਲਿਸਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਯਾਦਵ ਨੇ ਕਿਹਾ ਕਿ ਪਹਿਲੀ ਮਾਰਚ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 2384 ਕੇਸ ਦਰਜ ਕਰਕੇ 4142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ 146.3 ਕਿਲੋਗ੍ਰਾਮ ਹੈਰੋਇਨ, 85.3 ਕਿਲੋਗ੍ਰਾਮ ਅਫੀਮ, 19.95 ਕੁਇੰਟਲ ਭੁੱਕੀ, 7.69 ਲੱਖ ਨਸ਼ੀਲੀਆਂ ਗੋਲੀਆਂ, ਕੈਪਸੂਲ, 1 ਕਿੱਲੋ ਆਈਸੀਈ
ਅਤੇ 5.83 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।