ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਕਿਸਾਨ ਮੋਰਚਿਆਂ ਵਿਰੁੱਧ ਕੀਤੀ ਕਾਰਵਾਈ ਤੋਂ ਨਾਰਾਜ਼ ਕਿਸਾਨ ਜਥੇਬੰਦੀਆਂ ਨੇ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ ’ਤੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵੱਲੋਂ ਕਿਸਾਨਾਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰਨ ਅਤੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਦੋਵੇਂ ਮੋਰਚਿਆਂ ਨੂੰ ਉਖਾੜਨ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਮੰਗ ਕੀਤੀ ਕਿ ਸ਼ੰਭੂ ਤੇ ਖਨੌਰੀ ਮੋਰਚਿਆਂ ’ਤੇ ਨੁਕਸਾਨੇ ਗਏ ਸਾਮਾਨ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਚੋਰੀ ਹੋਏ ਸਾਮਾਨ ਦੀ ਭਰਪਾਈ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੀਤੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ’ਤੇ ਪੰਜਾਬ ਨੂੰ ਪੁਲੀਸ ਰਾਜ ਵਿੱਚ ਤਬਦੀਲ ਕਰਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਤੋਂ ਰੋਕੇ ਜਾਣ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਪੁਲੀਸ ਵੱਲੋਂ ਜ਼ਬਰੀ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਸ਼ੰਭੂ ਤੇ ਖਨੌਰੀ ਮੋਰਚੇ ਤੋਂ ਚੁੱਕੇ ਗਏ ਸਾਮਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ।