ਮਾਨ ਨੇ ਨਸ਼ਿਆਂ ਵਿਰੁੱਧ ਜੰਗ ’ਚ ਲੋਕਾਂ ਤੋਂ ਸਹਿਯੋਗ ਮੰਗਿਆ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਹ ਅਪੀਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਡੀਓ ਸੰਦੇਸ਼ ਜਾਰੀ ਕਰ ਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੋਇਆ ਹੈ। ਇਸ ਨੰਬਰ ’ਤੇ ਲੋਕ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਫੋਨ ਰਾਹੀਂ ਹੈਲਪਲਾਈਨ ਨੰਬਰ ’ਤੇ ਨਸ਼ਾ ਤਸਕਰੀ ਨਾਲ ਸਬੰਧਤ ਸੂਚਨਾ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਹਿੱਸਾ ਬਣਨ ਦੀ ਅਪੀਲ ਕੀਤੀ।
ਸ੍ਰੀ ਮਾਨ ਨੇ ਆਡੀਓ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਦੇ ਖ਼ਿਲਾਫ਼ ਵਿਆਪਕ ਪੱਧਰ ਉੱਤੇ ਸਖਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ।