Punjab

ਖ਼ਾਲਿਸਤਾਨੀ ਨਾਅਰੇ ਤੇ ਹਿਮਾਚਲ ਦੀਆਂ ਬੱਸਾਂ ’ਚ ਭੰਨਤੋੜ ਮਾਮਲੇ ‘ਚ ਵੱਡੀ ਕਾਰਵਾਈ

ਅੰਮ੍ਰਿਤਸਰ – ਰਾਮਬਾਗ ਥਾਣੇ ਦੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀਆਂ ਚਾਰ ਬੱਸਾਂ ’ਤੇ ਇੱਟਾਂ ਮਾਰ ਕੇ ਤੋੜਭੰਨ ਕਰਨ ਅਤੇ ਖਾਲਿਸਤਾਨ ਦੇ ਨਾਅਰੇ ਲਿਖ ਕੇ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੰਸਪੈਕਟਰ ਬਲਜਿੰਦਰ ਸਿੰਘ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸਾ ਵਜੋਂ ਕੀਤੀ ਹੈ, ਜੋ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਾਨੋਚਾਹਲ ਕਲਾਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੱਸਾ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜੱਸਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਦੇ ਹੋਰ ਸਾਥੀ ਕਿੱਥੇ ਲੁਕੇ ਹੋਏ ਹਨ

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 22 ਮਾਰਚ ਦੀ ਸਵੇਰ ਨੂੰ ਬੱਸ ਸਟੈਂਡ ਦੇ ਅੰਦਰ ਖੜ੍ਹੀਆਂ ਹਿਮਾਚਲ ਪ੍ਰਦੇਸ਼ ਦੀਆਂ ਚਾਰ ਸਰਕਾਰੀ ਬੱਸਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਸਨ। ਮੁਲਜ਼ਮਾਂ ਨੇ ਬੱਸਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ ਜਿਸ ਕਾਰਨ ਸ਼ਹਿਰ ਦਾ ਮਾਹੌਲ ਖਰਾਬ ਹੋ ਗਿਆ।

ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰ ਲਿਆ ਅਤੇ ਮੁਲਜ਼ਮਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਵਾਈ ਦੇ ਵਿਰੋਧ ਵਿਚ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਥਿਤੀ ਬਾਰੇ ਜਾਣੂ ਕਰਵਾਇਆ ਸੀ।