ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦਾ ਚਾਰ ਦਿਨਾ ਪੁਲੀਸ ਰਿਮਾਂਡ
ਅਜਨਾਲਾ-ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲੀਸ ਨੇ ਡਿਬਰੂਗੜ੍ਹ ਜੇਲ੍ਹ ਤੋਂ ਲਿਆ ਕੇ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਥਾਣਾ ਅਜਨਾਲਾ ਵਿੱਚ ਦਰਜ ਐੱਫਆਈਆਰ ਨੰਬਰ 39 ਤਹਿਤ ਨਾਮਜ਼ਦ ਸੀ ਅਤੇ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਪਪਲਪ੍ਰੀਤ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲੀਸ ਵੱਲੋਂ ਉਸ ਦਾ 10 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਅਦਾਲਤ ਨੇ ਚਾਰ ਦਿਨ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਸਿੰਘ ਜੋ ਅੰਮ੍ਰਿਤਪਾਲ ਸਿੰਘ ਦੇ ਦਸ ਨੇੜਲੇ ਸਾਥੀਆਂ ’ਚ ਸ਼ਾਮਲ ਸੀ, ਅਜਨਾਲਾ ਥਾਣੇ ’ਤੇ ਹਮਲੇ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿੱਚ ਥਾਣਾ ਅਜਨਾਲਾ ’ਚ ਦਰਜ ਐੱਫਆਈਆਰ ਨੰਬਰ 39 ਵਿੱਚ ਨਾਮਜ਼ਦ ਸੀ। ਡੀਐੱਸਪੀ ਨੇ ਕਿਹਾ ਕਿ ਰਿਮਾਂਡ ਦੌਰਾਨ ਪਪਲਪ੍ਰੀਤ ਸਿੰਘ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ।