Punjab

ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਦੇ ਪੁਲੀਸ ਰਿਮਾਂਡ ’ਚ ਵਾਧਾ

ਅਜਨਾਲਾ-ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲੀਸ ਨੇ ਪਿਛਲਾ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਅਜਨਾਲਾ ਥਾਣੇ ’ਤੇ ਹਮਲੇ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਇਸੇ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 39 ਵਿੱਚ ਨਾਮਜ਼ਦ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਉਸ ਨੂੰ 18 ਅਪਰੈਲ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਥਾਣਾ ਅਜਨਾਲਾ ਵਿੱਚ ਸਾਲ 2023 ਵਿੱਚ ਦਰਜ ਐਫਆਈਆਰ ਨੰਬਰ 39 ਵਿੱਚ ਪਪਲਪ੍ਰੀਤ ਸਿੰਘ ਕੋਲੋਂ ਹੋਰ ਤਫ਼ਤੀਸ਼ ਕੀਤੀ ਜਾਵੇਗੀ।